
Skip to content

ਚਿਤਕਾਰਾ ਯੂਨੀਵਰਸਿਟੀ ’ਚ ਅੱਧੀ ਰਾਤ ਨੂੰ ਹੰਗਾਮਾ, ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਰਾਜਪੁਰਾ (ਅਰਸ਼ਦੀਪ ਸਿੰਘ ਕਾਲੜਾ): ਪਟਿਆਲਾ ਦੇ ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਅੱਧੀ ਰਾਤ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸੋਸ਼ਲ ਮੀਡੀਆ ’ਤੇ ਗਰਲਜ਼ ਹੋਸਟਲ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਦਾਅਵਾ ਕਰਨ ਵਾਲੀ ਇੱਕ ਵੀਡੀਓ ਕਥਿਤ ਤੌਰ ’ਤੇ ਵਾਇਰਲ ਹੋ ਗਈ। ਵੀਡੀਓ ਤੇਜ਼ੀ ਨਾਲ ਫੈਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ ਅਤੇ ਮਾਮਲੇ ਦੀ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਭਾਰੀ ਹੰਗਾਮਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੌਰਾਨ ਕੁਝ ਪੁਲਿਸ ਵਾਹਨਾਂ ਦੀ ਭੰਨਤੋੜ ਹੋਣ ਦੀ ਵੀ ਗੱਲ ਕਹੀ ਜਾ ਰਹੀ ਹੈ। ਵਿਦਿਆਰਥੀਆਂ ਦੀ ਮੰਗ ਸੀ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਅਤੇ ਉਸ ਵਿੱਚ ਕੀਤੇ ਜਾ ਰਹੇ ਦਾਅਵਿਆਂ ਦੀ ਸੱਚਾਈ ਸਪੱਸ਼ਟ ਕੀਤੀ ਜਾਵੇ।
ਵਾਇਰਲ ਵੀਡੀਓ ਵਿੱਚ ਗਰਲਜ਼ ਹੋਸਟਲ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ, ਜਿਸ ਕਾਰਨ ਵਿਦਿਆਰਥੀਆਂ ਵਿੱਚ ਚਿੰਤਾ ਅਤੇ ਰੋਸ ਪੈਦਾ ਹੋ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕੈਂਪਸ ਵਿੱਚ ਇਕੱਠੇ ਹੋ ਕੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮਾਮਲੇ ਬਾਰੇ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕੀਤੀ।
ਉਧਰ, ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਦਾਅਵੇ ਨੂੰ ਅਫਵਾਹ ਦੱਸਦਿਆਂ ਕਿਹਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਹੋਈ। ਪ੍ਰਸ਼ਾਸਨ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਇਰਲ ਵੀਡੀਓ ਤੇ ਇਸ ਨਾਲ ਜੁੜੇ ਦਾਅਵਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

Related