(ਅਮਿਤ ਨਖਵਾਲ) ਨਵੀਂ ਦਿੱਲੀ, 18 ਜੁਲਾਈ:   ਦਿੱਲੀ ਦੇ ਜੰਤਰ-ਮੰਤਰ ਵਿਖੇ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਸਵੇਰੇ ਦਿੱਲੀ ਪੁਲਿਸ ਵੱਲੋਂ ਸਫਦਰਜੰਗ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ, ਜਿਸ ਕਾਰਨ ਕੁਝ ਸਮੇਂ ਲਈ ਹੰਗਾਮੇ ਵਾਲੇ ਹਾਲਾਤ ਬਣ ਗਏ।

ਇਸ ਘਟਨਾ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀ ਜੰਤਰ-ਮੰਤਰ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਸੋਨਮ ਵਾਂਗਚੁਕ ਨਾਲ ਬਦਸਲੂਕੀ ਕਰਦੇ ਹੋਏ ਉਨ੍ਹਾਂ ਨੂੰ ਜ਼ਬਰਦਸਤੀ ਹਸਪਤਾਲ ਲਿਜਾਇਆ ਅਤੇ ਵਿਰੋਧ ਕਰਨ ‘ਤੇ ਉਨ੍ਹਾਂ ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।

ਅਭਿਜੀਤ ਦੀਪਕੇ ਨੇ ਕਿਹਾ ਕਿ ਉਹ ਅੱਜ ਤੋਂ ਆਪਣਾ ਵਰਤ ਸ਼ੁਰੂ ਕਰ ਰਹੇ ਹਨ ਅਤੇ 20 ਜੁਲਾਈ ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੋਨਮ ਵਾਂਗਚੁਕ ਨੂੰ ਹਟਾਉਣ ਨਾਲ ਅੰਦੋਲਨ ਖਤਮ ਨਹੀਂ ਹੋਵੇਗਾ, ਸਗੋਂ ਇਹ ਹੋਰ ਮਜ਼ਬੂਤੀ ਨਾਲ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਪੇਪਰ ਲੀਕ ਮਾਮਲੇ ਦੀ ਸੁਤੰਤਰ ਜਾਂਚ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕਰ ਰਹੇ ਸਨ। ਲੰਬੇ ਸਮੇਂ ਤੋਂ ਵਰਤ ‘ਤੇ ਹੋਣ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ ਅਤੇ ਕਰੀਬ 9.5 ਕਿਲੋਗ੍ਰਾਮ ਭਾਰ ਘੱਟ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਸੋਨਮ ਵਾਂਗਚੁਕ ਦੀ ਹਰ ਰੋਜ਼ ਡਾਕਟਰੀ ਜਾਂਚ ਕਰਵਾਈ ਜਾਵੇ ਅਤੇ ਲੋੜ ਪੈਣ ‘ਤੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਜਾਵੇ। ਅਦਾਲਤ ਦੇ ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਸ਼ਨੀਵਾਰ ਸਵੇਰੇ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ।

ਫਿਲਹਾਲ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।