ਕਲਾਸ ਮਾਨੀਟਰ ਬਦਲਣ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, 22 ਸਾਲਾ ਨੌਜਵਾਨ ਦਾ ਕਤਲ

ਅਬੋਹਰ (ਅਰਸ਼ਦੀਪ ਸਿੰਘ ਕਾਲੜਾ) :- ਅਬੋਹਰ ਦੇ ਪਿੰਡ ਸੈਦਾਂਵਾਲੀ ਸਥਿਤ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਸਮਝੌਤਾ ਕਰਵਾਉਣ ਪਹੁੰਚੇ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੂਰਾ ਵਿਵਾਦ ਸਕੂਲ ਵਿੱਚ ਕਲਾਸ ਮਾਨੀਟਰ ਬਦਲਣ ਨੂੰ ਲੈ ਕੇ ਸ਼ੁਰੂ ਹੋਇਆ ਸੀ।

ਜਾਣਕਾਰੀ ਅਨੁਸਾਰ ਬੀਤੇ ਦਿਨ ਕਲਾਸ ਮਾਨੀਟਰ ਬਦਲਣ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਤਕਰਾਰ ਹੋਈ ਸੀ। ਇਸੇ ਰੰਜਿਸ਼ ਤਹਿਤ ਅਗਲੇ ਦਿਨ ਦੂਜੀ ਧਿਰ ਵੱਲੋਂ ਸ਼ਹਿਰ ਤੋਂ ਬਾਹਰੀ ਕੁਝ ਨੌਜਵਾਨਾਂ ਨੂੰ ਬੁਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ।

ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ 11ਵੀਂ ਜਮਾਤ ਦੇ ਵਿਦਿਆਰਥੀ ਗਗਨ ਵਾਸੀ ਕਲਿਆਂਵਾਲੀ ਨੇ ਦੱਸਿਆ ਕਿ ਉਸ ਨੂੰ ਮੁੜ ਝਗੜਾ ਹੋਣ ਦਾ ਸ਼ੱਕ ਹੋਇਆ ਤਾਂ ਉਸ ਨੇ ਆਪਣੇ ਵੱਡੇ ਭਰਾ ਲਵਪ੍ਰੀਤ ਸਿੰਘ ਨੂੰ ਮੌਕੇ ’ਤੇ ਬੁਲਾ ਲਿਆ। ਲਵਪ੍ਰੀਤ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਕਰਵਾ ਕੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਦੌਰਾਨ ਦੂਜੀ ਧਿਰ ਦੇ ਕਰੀਬ ਇੱਕ ਦਰਜਨ ਹਥਿਆਰਬੰਦ ਨੌਜਵਾਨਾਂ ਨੇ ਉਨ੍ਹਾਂ ’ਤੇ ਇੱਟਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਗਗਨ ਅਤੇ ਲਵਪ੍ਰੀਤ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਤੱਥ ਵੀ ਇਕੱਠੇ ਕੀਤੇ ਜਾ ਰਹੇ ਹਨ।