ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ CM ਮਾਨ ਨੇ ਦਿੱਤੀ ਵਧਾਈ, ਕਿਹਾ- ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੀਂਆਂ ਨਿਯੁਕਤੀਆਂ ਹਾਸਲ ਕਰਨ ਵਾਲੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਕੀਤੀ ਇੱਕ ਪੋਸਟ ਰਾਹੀਂ ਮੁੱਖ ਮੰਤਰੀ ਨੇ ਨਵੇਂ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਸਾਰੇ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਨਿੱਘਾ ਸਵਾਗਤ ਹੈ।”

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਧਿਕਾਰੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਨਾਲ ਹੀ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਸਾਰਿਆਂ ਨੂੰ ਮਿਲ ਕੇ ਸੂਬੇ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਆਓ, ਸਾਰੇ ਰਲ-ਮਿਲ ਕੇ ਪੰਜਾਬ ਦੀ ਤਰੱਕੀ ਦੇ ਇਸ ਕਾਫ਼ਲੇ ਨੂੰ ਹੋਰ ਅੱਗੇ ਲੈ ਕੇ ਜਾਈਏ। ਉਨ੍ਹਾਂ ਦੇ ਇਸ ਸੰਦੇਸ਼ ਨੂੰ ਸਰਕਾਰ ਦੀ ਟੀਮ ਭਾਵਨਾ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਵਜੋਂ ਦੇਖਿਆ ਜਾ ਰਿਹਾ ਹੈ।