ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ‘ਆਪ’ ਵਰਕਰ ਹਰਿਆਣਾ ਦੇ ਕੁਰੂਕਸ਼ੇਤਰ ‘ਚ ਮੁੱਖ ਮੰਤਰੀ ਨਾਇਬ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ। ਇੱਥੇ ਪਹਿਲਾਂ ਤੋਂ ਤਾਇਨਾਤ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਮਾਹੌਲ ਖ਼ਰਾਬ ਹੋਣ ’ਤੇ ਪੁਲਿਸ ਨੇ ਵਰਕਰਾਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਬਾਅਦ ਵਿਚ ਲਾਠੀਚਾਰਜ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਨੇਤਾ ਅਨੁਰਾਗ ਢਾਂਡਾ ਦੇ ਸਿਰ ‘ਤੇ ਸੱਟ ਲੱਗੀ ਹੈ। ਉਸਦੇ ਸਿਰ ਤੋਂ ਖੂਨ ਵਹਿ ਰਿਹਾ ਹੈ। ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਇਸ ਦੇ ਚੱਲਦਿਆਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਦਿੱਲੀ ਪਹੁੰਚ ਚੁੱਕੇ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ। ਹਿਮਾਚਲ ਦੇ ਸ਼ਿਮਲਾ ਪਹੁੰਚੀ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੱਤਾ ਹੈ।