ਵਾਇਰਲ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟੀਕਰਨ, ਦੋਸ਼ਾਂ ਨੂੰ ਕੀਤਾ ਖਾਰਜ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ ਅਤੇ ਉਹ ਸੁਪਨੇ ਵਿੱਚ ਵੀ ਅਜਿਹਾ ਕੁਝ ਨਹੀਂ ਸੋਚ ਸਕਦੇ ਜੋ ਇਸ ਦੀ ਮਰਿਆਦਾ ਦੇ ਖ਼ਿਲਾਫ਼ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਬਾਰੇ ਕੋਈ ਵੀ ਸੋਚ ਨਹੀਂ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਅੱਗੇ ਵੀ ਪੰਜਾਬ ਦੇ ਹਿੱਤ ਵਿੱਚ ਫ਼ੈਸਲੇ ਲੈਂਦੇ ਰਹਿਣਗੇ।

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਸਰਕਾਰ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਂਦੀ ਸੀ, ਪਰ ਹੁਣ ਜਦੋਂ ਕਾਨੂੰਨ ਬਣਾਇਆ ਗਿਆ ਹੈ ਤਾਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੁਝ ਲੋਕ ਰਾਜਨੀਤਕ ਕਾਰਵਾਈਆਂ ਕਰ ਰਹੇ ਹਨ ਅਤੇ ਇਹ ਸਭ ਕੁਝ ਆਪਣੇ ਰਾਜਨੀਤਕ ਆਕਾਵਾਂ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਉਹ ਨਹੀਂ ਹਨ, ਕਿਉਂਕਿ ਉਸ ਦਾ ਕੱਦ-ਕਾਠ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ।

ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਵਾਇਰਲ ਵੀਡੀਓ ਨੂੰ ਲੈ ਕੇ ਚੱਲ ਰਹੀ ਚਰਚਾ ਹੋਰ ਤੇਜ਼ ਹੋ ਗਈ ਹੈ, ਜਦਕਿ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ।