ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਇੱਕ ਮਹੀਨੇ ਅੰਦਰ ਇਹ ਉਨ੍ਹਾਂ ਦੀ ਦੂਜੀ ਪੰਜਾਬ ਫੇਰੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਮੰਨੇ ਜਾਂਦੇ ਪਟਿਆਲਾ ਵਿੱਚ ਕੇਜਰੀਵਾਲ ਅੱਜ ਇੱਕ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸ਼ਾਮਲ ਹੋਣਗੇ ।
ਪਟਿਆਲਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਗ੍ਰਹਿ ਜ਼ਿਲ੍ਹਾ ਵੀ ਹੈ। ਇਸ ਸੰਦਰਭ ‘ਚ ਕੇਜਰੀਵਾਲ ਦੀ ਪਟਿਆਲਾ ‘ਚ ਹੋਣ ਵਾਲੀ ਰੈਲੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਟਿਆਲਾ ਦੇ ਨਿਊ ਅਪੋਲੋ ਗਰਾਊਂਡ ‘ਚ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨ ਜਾ ਰਹੇ ਹਨ। ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਹਰ ਵਿਧਾਨ ਸਭਾ ਹਲਕੇ ਤੋਂ ਆਗੂ 20-30 ਬੱਸਾਂ ਵਿੱਚ ਰੈਲੀ ਵਿੱਚ ਪੁੱਜਣਗੇ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਸਰਕਲਾਂ ਵਿੱਚ ਪਾਰਟੀ ਆਗੂਆਂ ’ਤੇ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜਦੋਂ ਕੇਜਰੀਵਾਲ ਪੰਜਾਬ ਦੌਰੇ ‘ਤੇ ਆਏ ਸਨ ਤਾਂ ਉਨ੍ਹਾਂ ਨੇ ਸੂਬੇ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਸੀ।