ਚੋਣ ਕਮੇਟੀਆਂ ਤੋਂ ਬਾਹਰ ਹੋਣ ‘ਤੇ ਮਨੀਸ਼ ਤਿਵਾੜੀ ਦਾ ਫੁੱਟਿਆ ਗੁੱਸਾ, ਕਾਂਗਰਸ ਲੀਡਰਸ਼ਿਪ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਫੇਰਬਦਲ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਗਈਆਂ ਅਹਿਮ ਚੋਣ ਕਮੇਟੀਆਂ ਤੋਂ ਬਾਹਰ ਰੱਖੇ ਜਾਣ ਮਗਰੋਂ ਉਨ੍ਹਾਂ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜਤਾਈ ਹੈ।

ਮਨੀਸ਼ ਤਿਵਾੜੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕਰਦਿਆਂ ਪਾਰਟੀ ਲੀਡਰਸ਼ਿਪ ‘ਤੇ ਅਸਿੱਧਾ ਪਰ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਲਿਖਿਆ, ਜਦੋਂ ਤੁਹਾਡੀ ਯੋਗਤਾ ਕਿਸੇ ਹੋਰ ਦੀ ਅਸੁਰੱਖਿਆ ਬਣ ਜਾਂਦੀ ਹੈ, ਤਾਂ ਫੈਸਲੇ ਸੰਗਠਨਾਤਮਕ ਨਹੀਂ ਸਗੋਂ ਨਿੱਜੀ ਪੱਖਪਾਤ ਦੇ ਆਧਾਰ ‘ਤੇ ਲਏ ਜਾਂਦੇ ਹਨ।”

ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੇ 1981 ਵਿੱਚ ਇੱਕ ਆਮ ਐਨਐਸਯੂਆਈ ਵਰਕਰ ਵਜੋਂ ਆਪਣੀ ਰਾਜਨੀਤਿਕ ਯਾਤਰਾ ਸ਼ੁਰੂ ਕੀਤੀ ਸੀ ਅਤੇ ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ, ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਵਜੋਂ ਕਰੀਬ 45 ਸਾਲ ਪਾਰਟੀ ਦੀ ਨਿਸ਼ਠਾ ਨਾਲ ਸੇਵਾ ਕੀਤੀ ਹੈ। ਉਨ੍ਹਾਂ ਮੁਤਾਬਕ, ਇੰਨੇ ਲੰਬੇ ਸਿਆਸੀ ਸਫ਼ਰ ਤੋਂ ਬਾਅਦ ਇਸ ਤਰ੍ਹਾਂ ਪਾਸੇ ਕਰਨਾ ਹੈਰਾਨੀਜਨਕ ਹੈ।

ਤਿਵਾੜੀ ਨੂੰ ਚੋਣ ਪ੍ਰਚਾਰ ਕਮੇਟੀ ਅਤੇ ਮੈਨੀਫੈਸਟੋ ਕਮੇਟੀ ਵਰਗੀਆਂ ਅਹਿਮ ਕਮੇਟੀਆਂ ਵਿੱਚ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਵੀ ਅਟਕਲਾਂ ਲੱਗ ਰਹੀਆਂ ਹਨ ਕਿ ਉਹ ਭਵਿੱਖ ਵਿੱਚ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਮਨੀਸ਼ ਤਿਵਾੜੀ ਜਾਂ ਕਾਂਗਰਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।