
Skip to content

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਨੇ ‘ਵੰਦੇ ਮਾਤਰਮ’ ਨੂੰ ਲੈ ਕੇ ਆਪਣੇ ਪੁਰਾਣੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਸਮਾਗਮਾਂ ਵਿੱਚ ਇਸ ਦੇ ਸਿਰਫ਼ ਦੋ ਅੰਤਰੇ ਹੀ ਗਾਏ ਜਾਣਗੇ। ਪਾਰਟੀ ਨੇ 1937 ਵਿੱਚ ਲਏ ਆਪਣੇ ਫੈਸਲੇ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।
ਮੀਟਿੰਗ ਵਿੱਚ ਰਾਮ ਮੰਦਰ ਦਾਨ ਨਾਲ ਜੁੜੇ ਕਥਿਤ ‘ਫੰਡ ਚੋਰੀ’ ਦੇ ਮੁੱਦੇ ਨੂੰ ਵੀ ਦੇਸ਼ ਭਰ ਵਿੱਚ ਜ਼ਮੀਨੀ ਪੱਧਰ ’ਤੇ ਉਠਾਉਣ ਦੀ ਰਣਨੀਤੀ ਤਿਆਰ ਕੀਤੀ ਗਈ। ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਕਿਹਾ ਕਿ ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਕਾਂਗਰਸ ਕਮੇਟੀਆਂ ਨੂੰ ਪਿੰਡ ਅਤੇ ਪੰਚਾਇਤ ਪੱਧਰ ਤੱਕ ਇਹ ਮੁੱਦਾ ਲਿਜਾਣ ਅਤੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਿਦਿਆਰਥੀਆਂ ਨਾਲ ਸਬੰਧਤ ਪਾਰਟੀ ਦੇ ਪ੍ਰੋਗਰਾਮ ‘ਛਤਰੋਂ ਕੀ ਗੂੰਜ’ ਨੂੰ ਹੁਣ ਦੇਸ਼ ਦੇ ਲਗਭਗ 800 ਛੋਟੇ-ਵੱਡੇ ਸ਼ਹਿਰਾਂ ਵਿੱਚ ਕਰਵਾਇਆ ਜਾਵੇਗਾ। ਇਨ੍ਹਾਂ ਵਿੱਚੋਂ ਕਈ ਪ੍ਰੋਗਰਾਮਾਂ ਵਿੱਚ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ। ਵੇਣੂਗੋਪਾਲ ਨੇ ਕਿਹਾ ਕਿ ਮੌਨਸੂਨ ਸੈਸ਼ਨ ਵਿਰੋਧੀ ਧਿਰ ਲਈ ਸਫ਼ਲ ਰਿਹਾ ਅਤੇ ਸਿੱਖਿਆ ਦੇ ਮੁੱਦੇ ’ਤੇ ਸਰਕਾਰ ਨੂੰ ਪਿੱਛੇ ਹਟਣਾ ਪਿਆ।
ਉਨ੍ਹਾਂ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਵੀ ਸਵਾਲ ਉਠਾਉਂਦਿਆਂ ਇਸ ਨੂੰ ‘ਸਮਰਪਣ ਨੀਤੀ’ ਕਰਾਰ ਦਿੱਤਾ। ਮਹਿਲਾ ਰਾਖਵਾਂਕਰਨ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਦਾ ਵਿਚਾਰ ਹੈ ਕਿ ਰਾਖਵਾਂਕਰਨ ਮੌਜੂਦਾ 543 ਲੋਕ ਸਭਾ ਸੀਟਾਂ ਲਈ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ, ਕਾਂਗਰਸ ਵਰਕਿੰਗ ਕਮੇਟੀ ਨੇ ਉਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮੀਟਿੰਗ ਵਾਲੀ ਥਾਂ ਦੇ ਕਥਿਤ ‘ਸ਼ੁੱਧੀਕਰਨ’ ਦੀ ਨਿੰਦਾ ਕੀਤੀ। ਵੇਣੂਗੋਪਾਲ ਨੇ ਕਿਹਾ ਕਿ ਪਾਰਟੀ ਨੇ ਇਸ ਘਟਨਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ। ਮੀਟਿੰਗ ਵਿੱਚ ਕਰੀਬ 88 ਮੈਂਬਰਾਂ ਨੇ ਹਿੱਸਾ ਲਿਆ ਅਤੇ ਕਈ ਅਹਿਮ ਕੌਮੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Related