ਅਮਿਤ ਨਖਵਾਲ: ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ। ਇਸ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਜਲਦ ਤੋਂ ਜਲਦ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਨਾਲ ਦੁਨੀਆ ਭਰ ਦੀ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਦੀ ਡੂੰਘੀ ਅਧਿਆਤਮਿਕ ਅਤੇ ਭਾਵਨਾਤਮਕ ਸਾਂਝ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇਸ ਪਵਿੱਤਰ ਅਸਥਾਨ ‘ਤੇ ਬਿਤਾਏ ਸਨ।

ਕਮੇਟੀ ਨੇ ਪੱਤਰ ਵਿੱਚ ਦਰਜ ਕੀਤਾ ਕਿ ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ 7 ਮਈ 2025 ਨੂੰ ਕਰਤਾਰਪੁਰ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਨਵੰਬਰ 2025 ਤੋਂ ਜੂਨ 2026 ਤੱਕ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਚਾਰ ਵਿਸ਼ੇਸ਼ ਜਥਿਆਂ ਨੂੰ ਆਗਿਆ ਦਿੱਤੀ ਗਈ ਸੀ, ਪਰ ਆਮ ਸ਼ਰਧਾਲੂਆਂ ਲਈ ਲਾਂਘਾ ਅਜੇ ਵੀ ਬੰਦ ਹੈ।

ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ, ਪ੍ਰਸ਼ਾਸਨਿਕ ਅਤੇ ਕੂਟਨੀਤਕ ਪ੍ਰਬੰਧਾਂ ਨੂੰ ਯਕੀਨੀ ਬਣਾਉਂਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਜਲਦ ਤੋਂ ਜਲਦ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ, ਤਾਂ ਜੋ ਦੇਸ਼-ਵਿਦੇਸ਼ ਦੀ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਰਿਪੋਰਟਰ: ਅਮਿਤ ਨਖਵਾਲ