ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ ਆਏ 11 ਸਿੱਖਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਕੌਮਾਂਤਰੀ ਦਿੱਲੀ ਹਵਾਈ ਅੱਡੇ ’ਤੇ ਜੀ ਆਇਆਂ ਆਖਿਆ ਤੇ ਨਾਲ ਹੀ ਦਿੱਲੀ ਵਿਚ ਹਰ ਤਰੀਕੇ ਦੀ ਸਹਾਇਤਾ ਦਾ ਭਰੋਸਾ ਦੁਆਇਆ।
ਬੀਤੇ ਦਿਨ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ ਅੱਜ 11 ਸਿੰਘ ਤੇ ਗੁਰਦੁਆਰਾ ਕਰਤੇ ਪਰਵਾਨ ’ਤੇ ਹਮਲੇ ਵਿਚ ਸ਼ਹੀਦ ਹੋਏ ਸਿੰਘ ਦੀਆਂ ਅਸਥੀਆਂ ਵੀ ਭਾਰਤ ਪਹੁੰਚੀਆਂ ਹਨ ਜਿਹਨਾਂ ਨੂੰ ਅਸੀਂ ਪ੍ਰਾਪਤ ਕੀਤਾ ਹੈ। ਉਹਨਾਂ ਦੱਸਿਆ ਕਿ ਕਮੇਟੀ ਦੇ ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ ਅਤੇ ਉਹਨਾਂ ਦੇ ਨਾਲ ਸੀਨੀਅਰ ਆਗੁ ਸਰਦਾਰ ਗੁਰਮੀਤ ਸਿੰਘ ਭਾਟੀਆ ਤੇ ਸਰਦਾਰ ਹਰਜੀਤ ਸਿੰਘ ਪੱਪਾ ਨੇ ਇਹਨਾਂ ਨੂੰ ਹਵਾਈ ਅੱਡੇ ‘ਤੇ ਰਿਸੀਵ ਕੀਤਾ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਭਰੋਸਾ ਦੁਆਇਆ ਕਿ ਅਫਗਾਨਿਸਤਾਨ ਦੇ ਸਿੱਖਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਕਿਸੇ ਤਰੀਕੇ ਦੀ ਵੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।