ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਕਮੇਟੀ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਅੰਤਿਮ ਕੇਸ ਵਿਚ ਫੈਸਲਾ ਨਹੀਂ ਹੋ ਜਾਂਦਾ।
ਅੱਜ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਯਾਦ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਹਲੋਂ ਨੇ ਕਿਹਾ ਕਿ 1984 ਦੇ ਇਹ ਕਾਲੇ ਦਿਨ ਕਦੇ ਭੁਲਾਏ ਨਹੀਂ ਜਾ ਸਕਦੇ ਤੇ ਨਾ ਹੀ ਇਹ ਜ਼ਖ਼ਮ ਕਦੇ ਵੀ ਭਰ ਸਕਦੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਵੱਡਾ ਜ਼ੁਲਮ ਸੀ, ਬਹੁਤ ਵੱਡਾ ਪਾਪ ਕੀਤਾ ਗਿਆ ਸੀ।
ਉਹਨਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ 30 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਹਨਾਂ ਦੀ ਅੱਜ ਸਮਾਪਤੀ ਉਪਰੰਤ ਉਹਨਾਂ ਸ਼ਹੀਦਾਂ ਨੂੰ ਚੇਤੇ ਕੀਤਾ ਗਿਆ ਹੈ।
ਸਰਦਾਰ ਕਾਹਲੋਂ ਨੇ ਕਿਹਾ ਕਿ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ, ਸਾਡੀਆਂ ਮਾਤਾਵਾਂ ਤੇ ਭੈਣਾਂ ਤੇ ਧੀਆਂ ਨੂੰ ਬੇਪੱਤ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਦੁਨੀਆਂ ਦਾ ਇਹ ਸਭ ਤੋਂ ਘਿਨੌਣਾ ਅਪਰਾਧ ਸੀ ਜਿਸਦੀ ਨਿਖੇਧੀ ਵਾਸਤੇ ਕੋਈ ਸ਼ਬਦ ਕਾਫੀ ਨਹੀਂ ਹਨ। ਉਹਨਾਂ ਕਿਹਾ ਕਿ ਇਸ ਕਤਲੇਆਮ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਜਿਸ ਗੱਲ ਨੇ ਸਭ ਤੋਂ ਵੱਧ ਪ੍ਰੇਸ਼ਾਨ ਕੀਤਾ, ਉਹ ਇਹ ਸੀ ਕਿ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਨਾ ਸਿਰਫ ਦੋਸ਼ੀ ਕਾਂਗਰਸੀ ਆਗੂਆਂ ਦਾ ਬਚਾਅ ਕੀਤਾ ਬਲਕਿ ਉਹਨਾਂ ਨੂੰ ਐਮ ਪੀ, ਐਮ ਐਲ ਏ ਤੇ ਕੇਂਦਰੀ ਮੰਤਰੀ ਵਰਗੇ ਅਹੁਦਿਆਂ ਨਾਲ ਨਿਵਾਜਿਆ।
ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੀ ਸ਼ਹਾਦਤ ਦੇ ਕੇ ਦੇਸ਼ ਨੂੰ ਬਚਾਇਆ ਤੇ ਫਿਰ ਅੰਗਰੇਜ਼ਾਂ ਨਾਲ ਲੜਾਈ ਵੇਲੇ ਸਿੱਖਾਂ ਨੇ ਸ਼ਹਾਦਤਾਂ ਦਿੱਤੀਆਂ ਪਰ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਸਿੱਖਾਂ ਨਾਲ ਵਧੀਕੀ ਕੀਤੀ ਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਬਚਾਅ ਕੀਤਾ ਹੈ।
ਉਹਨਾਂ ਕਿਹਾ ਕਿ ਜਿਸ ਕਿਸੇ ਨੇ ਸਾਡੇ ਧਾਰਮਿਕ ਅਸਥਾਨਾਂ ’ਤੇ ਹਮਲਾ ਕੀਤਾ, ਉਸਨੂੰ ਸਿੱਖ ਕੌਮ ਨੇ ਕਦੇ ਬਖਸ਼ਿਆ ਨਹੀਂ। ਉਹਨਾਂ ਕਿਹਾ ਕਿ 39 ਸਾਲਾਂ ਬਾਅਦ ਵੀ ਇਨਸਾਫ ਨਾ ਮਿਲਣਾ ਬਹੁਤ ਦੁੱਖ ਦੀ ਗੱਲ ਹੈ।
ਉਹਨਾਂ ਐਲਾਨ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਸਾਰੇ ਦੋਸ਼ੀ ਜੇਲ੍ਹਾਂ ਵਿਚ ਨਹੀਂ ਚਲੇ ਜਾਂਦੇ।