ਪੰਥਕ ਧਿਰਾਂ ਨਾਲ ਬਹਿ ਕੇ ਮਾਮਲੇ ਨੂੰ ਹੱਲ ਕਰਨ ਬਾਰੇ ਵਿਚਾਰਾਂ ਕਰਾਂਗੇ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

    ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮਨਾਉਣ ਦੇ ਸਮਾਗਮਾਂ ਵਿਚ ਸ਼ਮੂਲੀਅਤ ਵਾਸਤੇ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬ ਨੂੰ ਸੱਦਾ ਪੱਤਰ ਭੇਜਿਆ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।

    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨਾਈ ਜਾ ਰਹੀ ਹੈ ਜਿਸ ਵਾਸਤੇ 8 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਰੱਖੇ ਜਾਣਗੇ ਜਿਹਨਾਂ ਦੇ 10 ਜਨਵਰੀ ਨੂੰ ਭੋਗ ਪਾਏ ਜਾਣਗੇ। ਉਹਨਾਂ ਕਿਹਾ ਕਿ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਕੀਰਤਨ ਮਗਰੋਂ ਪੰਥਕ ਵਿਚਾਰਾਂ ਹੋਣਗੀਆਂ। ਉਹਨਾਂ ਕਿਹਾ ਕਿ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਪੰਥਕ ਧਿਰਾਂ ਨੂੰ ਵੀ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ ਤੇ ਵਿਸ਼ੇਸ਼ ਟੀਮਾਂ ਇਹ ਸੱਦਾ ਪੱਤਰ ਆਪ ਸੌਂਪਣਗੀਆਂ।

    ਉਹਨਾਂ ਕਿਹਾ ਕਿ ਸਿੰਘ ਸਾਹਿਬ ਦੇ ਪੁਲਿਸ ਵੱਲੋਂ ਕਤਲੇਆਮ ਦਾ ਮਾਮਲਾ ਬਹੁਤ ਗੰਭੀਰ ਮਸਲਾ ਹੈ ਜਿਸਨੂੰ ਹੱਲ ਕਰਨ ਵਿਚ ਸਮੇਂ ਦੀਆਂ ਸਰਕਾਰਾਂ ਖਾਸ ਤੌਰ ’ਤੇ ਪੰਥਕ ਸਰਕਾਰਾਂ ਵਿਸ਼ੇਸ਼ ਕਰ ਬਾਦਲ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਹਾਲਾਂਕਿ ਪਾਰਟੀ ਦੀ 15 ਸਾਲਾਂ ਤੱਕ ਪੰਜਾਬ ਵਿਚ ਸਰਕਾਰ ਵੀ ਰਹੀ ਹੈ।

    ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਕਿ ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦੇਣ ਵਿਚ ਕੌਣ ਨਾਕਾਮ ਰਿਹਾ ਹੈ। ਉਹਨਾਂ ਕਿਹਾ ਕਿ ਪੰਥ ਵਾਸਤੇ ਇਹ ਬਹੁਤ ਗੰਭੀਰ ਮਸਲਾ ਹੈ ਜਿਸ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵਿਸ਼ੇਸ਼ ਕਰ ਕੇ ਜ਼ਿੰਮੇਵਾਰ ਹਨ।