ਇਹ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਸਰੋਵਰ ਦੇ ਕੰਢੇ 23 ਨਵੰਬਰ ਤੋਂ 5 ਦਸੰਬਰ ਤੱਕ ਲਗਾਈ ਜਾਵੇਗੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਲਗਾਈ ਜਾਂਦੀ ਹੈ। ਅੱਜ ਇਸ ਦਾ ਰਸਮੀ ਉਦਘਾਟਨ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਵਿਭਾਗ ਦੇ ਮੁੱਖੀ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਕੀਤਾ ਗਿਆ। 5 ਦਸੰਬਰ ਤੱਕ ਚੱਲਣ ਵਾਲੀ ਇਸ ਪ੍ਰਦਰਸ਼ਨੀ ਵਿੱਚ ਸਿੱਖ ਧਰਮ ਨਾਲ ਸਬੰਧਤ ਸਾਹਿਤ ਅਤੇ ਪੰਜਾਬੀ ਭਾਸ਼ਾ ’ਚ ਪੁਸਤਕਾਂ ਉਪਲਬਧ ਹੋਣਗੀਆਂ। ਇਸ ਦੀ ਸ਼ੁਰੂਆਤ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਵਾਰ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪ੍ਰਦਰਸ਼ਨੀ ਵਿੱਚ ਵਿਸ਼ੇਸ਼ ਸਟਾਲ ਲਗਾਇਆ ਗਿਆ ਹੈ, ਜਿਸ ਵਿੱਚ ਸਕੂਲੀ ਬੱਚਿਆਂ ਵੱਲੋਂ ਉਤਸ਼ਾਹ ਨਾਲ ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ’ਤੇ ਸੁਰਲੇਖ ਅਤੇ ਚਿੱਤਰ ਬਣਾਏ ਜਾ ਰਹੇ ਹਨ। ਅੱਜ ਵੀ ਇਸ ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।
ਸ: ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਰਾਹੀਂ ਬੱਚਿਆਂ ਨੂੰ ਮਾਂ ਬੋਲੀ ਸਿਖਾਉਣ ਲਈ ਦਿੱਲੀ ਹੀ ਨਹੀਂ ਬਲਕਿ ਹੋਰਨਾਂ ਸੂਬਿਆਂ ਵਿਚ ਵੀ ਕੈਂਪ ਲਗਾਇਆ ਗਿਆ, ਜਿਸ ਵਿਚ 15 ਹਜ਼ਾਰ ਤੋਂ ਵੱਧ ਬੱਚਿਆਂ ਨੇ ਭਾਗ ਲਿਆ।
ਇਸ ਮੌਕੇ ਸ: ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਜਦੋਂ ਕਈ ਸਿੰਘ ਸਭਾਵਾਂ ਦੇ ਨੁਮਾਇੰਦੇ ਸਿੰਘ ਸਭਾਵਾਂ ਦੀ ਤਰਫੋਂ ਕਮੇਟੀ ਨਾਲ ਪੱਤਰ ਵਿਹਾਰ ਕਰਨ ਸਮੇਂ ਮਾਂ ਬੋਲੀ ਦੀ ਬਜਾਏ ਹਿੰਦੀ ਜਾਂ ਅੰਗਰੇਜ਼ੀ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਇਹ ਮੁਹਿੰਮ ਯਕੀਨੀ ਤੌਰ ’ਤੇ ਕਾਰਗਰ ਸਾਬਤ ਹੋਵੇਗੀ। ਸ: ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਧਰਮ ਪ੍ਰਚਾਰ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਅਗਲੇ ਸਾਲ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਮਾਂ ਬੋਲੀ ਪੜ੍ਹਾਉਣ ਦੇ ਉਪਰਾਲੇ ਕੀਤੇ ਜਾਣਗੇ।