ਮੁੱਖ ਸਕੱਤਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਕਰਵਾਇਆ ਜਾਣੂ

    ਜਲੰਧਰ, 28 ਫਰਵਰੀ

    ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਅਧਿਕਾਰੀਆਂ ਨੂੰ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਹਾਈਵੇ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਮੈਗਾ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾ ਸਕੇ।

    ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਵਰਚੁਅਲ ਸਮੀਖਿਆ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਜਾਮਨਗਰ ਆਰਥਿਕ ਗਲਿਆਰੇ ਦੇ ਅੰਮ੍ਰਿਤਸਰ-ਬਠਿੰਡਾ ਸੈਕਸ਼ਨ, ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਫੇਜ਼-1, ਛੇ ਮਾਰਗੀ (ਗ੍ਰੀਨਫੀਲਡ) ਜਲੰਧਰ ਬਾਈਪਾਸ ਅਤੇ ਚਹੁੰ ਮਾਰਗੀ ਜਲੰਧਰ-ਹੁਸ਼ਿਆਰਪੁਰ ਮਾਰਗ ਸਮੇਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਹਾਈਵੇ ਪ੍ਰਾਜੈਕਟਾਂ ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਵਾਇਆ ।

    ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਨੋਟੀਫਿਕੇਸ਼ਨ ਤੋਂ ਲੈ ਕੇ ਅਵਾਰਡਾਂ ਦੀ ਵੰਡ ਤੱਕ ਦੇ ਵੱਖ-ਵੱਖ ਪੜਾਵਾਂ ‘ਤੇ ਹਨ ਅਤੇ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ  ਸਬੰਧਤ ਕੰਪੀਟੈਂਟ ਅਥਾਰਟੀਜ਼ ਆਫ ਲੈਂਡ ਐਕੂਜ਼ੀਸ਼ਨਲ (ਸੀ.ਏ.ਐਲ.ਏ.) ਨੂੰ ਇਨ੍ਹਾਂ ਪ੍ਰਾਜੈਕਟਾਂ ਨਾਲ ਸਬੰਧਤ ਅਵਾਰਡ ਦੀ ਘੋਸ਼ਣਾ, ਵੰਡ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਜ਼ਮੀਨ ਸੌਂਪਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਨ੍ਹਾਂ ਮੈਗਾ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

    ਜਲੰਧਰ-ਹੁਸ਼ਿਆਰਪੁਰ ਚਹੁੰ ਮਾਰਗੀ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲਿਆ ਜਾ ਰਿਹਾ ਹੈ ਅਤੇ ਹਾਈਵੇ ਦੀ ਉਸਾਰੀ ਲਈ ਜ਼ਮੀਨ ਲੋਕ ਨਿਰਮਾਣ ਵਿਭਾਗ (ਸੈਂਟਰਲ ਡਿਵੀਜ਼ਨ) ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ 121 ਉਸਾਰੀਆਂ/ਢਾਂਚਿਆਂ ਨੂੰ ਢਾਹੁਣ ਦੀ ਕਾਰਵਾਈ ਕੁਝ ਦਿਨ ਪਹਿਲਾਂ ਸ਼ੁਰੂ ਕੀਤੀ ਗਈ ਸੀ ਅਤੇ ਬਾਕੀ ਦਾ ਕਬਜ਼ਾ ਵੀ ਜਲਦੀ ਹੀ ਲੈ ਲਿਆ ਜਾਵੇਗਾ। ਇਸੇ ਤਰ੍ਹਾਂ ਹੋਰ ਪ੍ਰਾਜੈਕਟਾਂ ਲਈ ਵੀ ਸਮਰੱਥ ਅਥਾਰਟੀ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਉਨ੍ਹਾਂ ਵੱਲੋਂ ਖੁਦ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨ ਐਕਵਾਇਰ ਕਰਨ, ਜ਼ਮੀਨ ਮਾਲਕਾਂ ਨੂੰ ਅਵਾਰਡਾਂ ਦੀ ਅਦਾਇਗੀ, ਹਾਈਵੇ ਅਥਾਰਟੀ ਨੂੰ ਜ਼ਮੀਨ ਦੇ ਤਬਾਦਲੇ ਸਬੰਧੀ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੇ ਹਾਈਵੇ ਪ੍ਰਾਜੈਕਟਾਂ ਨੂੰ ਸਰਬਓਤਮ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਇਹ ਹਾਈਵੇ ਪ੍ਰਾਜੈਕਟ ਜਿਥੇ ਟ੍ਰੈਫਿਕ ਸਮੱਸਿਆਵਾਂ ਨੂੰ ਦੂਰ ਕਰਨਗੇ ਅਤੇ ਲੋਕਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਤੇਜ਼ੀ ਨਾਲ ਪਹੁੰਚ ਪ੍ਰਦਾਨ ਕਰਨਗੇ।