ਜਲੰਧਰ,(ਵਿੱਕੀ ਸੂਰੀ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਸਰੀਨ ਨੇ ਬੀਤੇ ਦਿਨ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਜਿਥੇ ਉਨ੍ਹਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਚੌਕ ਦੇ ਸੁੰਦਰੀਕਰਨ ਤੋਂ ਇਲਾਵਾ ਵਾਧੂ ਘਾਹ ਦੀ ਕਟਾਈ, ਦਰੱਖਤਾਂ ਦੀ ਛੰਗਾਈ, ਸੜਕਾਂ ਦੀ ਮੁਰੰਮਤ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਆਪਣੇ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤੁਰੰਤ ਇਸ ਚੌਕ ਦੇ ਸੁੰਦਰੀਕਰਨ ਲਈ ਮੁਹਿੰਮ ਵਿੱਢਣ ਲਈ ਕਿਹਾ ਤਾਂ ਜੋ ਇਸ ਨੂੰ ਨਵੀਂ ਦਿੱਖ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਹੋਰ ਕਾਰਜਾਂ ਤੋਂ ਇਲਾਵਾ ਚੌਕ ਵਿੱਚ ਫਰਸ਼ ਦੀਆਂ ਟਾਈਲਾਂ ਨੂੰ ਬਦਲਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸਤਿਗੁਰੂ ਕਬੀਰ ਮੰਦਿਰ ਨੂੰ ਜਾਂਦੀ ਮੁੱਖ ਨਕੋਦਰ ਸੜਕ ਦੀ ਮੁਰੰਮਤ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ।
ਅਮਿਤ ਸਰੀਨ ਨੇ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਕਿਹਾ ਕਿ ਸੌਂਪੇ ਗਏ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਨੂੰ ਪਹਿਲੀ ਤਰਜੀਹ ਦਿੱਤੀ ਜਾਵੇ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਸਤਿਗੁਰੂ ਕਬੀਰ ਮੁੱਖਿਆ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਕੇਸ਼ ਭਗਤ, ਰਜਿੰਦਰ ਕੁਮਾਰ, ਰਾਜੇਸ਼ ਕੁਮਾਰ, ਸਤੀਸ਼ ਬਿੱਲਾ ਆਦਿ ਮੌਜੂਦ ਸਨ।