
Skip to content
ਜਲੰਧਰ (ਪੁਨੀਸ਼ ਅਰੋੜਾ) : ਪਿੰਡ ਨੂਰਪੁਰ ਜੱਟਾਂ ਵਿੱਚ ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ਬਹੁਤ ਹੀ ਨਿੰਦਣਯੋਗ, ਸ਼ਰਮਨਾਕ ਅਤੇ ਸਮਾਜ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਹੈ। ਅਜਿਹੀ ਘਟਨਾ ਸਿਰਫ਼ ਇੱਕ ਮਹਾਨ ਸ਼ਖਸੀਅਤ ਦੀ ਤੌਹੀਨ ਨਹੀਂ, ਸਗੋਂ ਦੇਸ਼ ਦੇ ਸੰਵਿਧਾਨਕ ਅਸੂਲਾਂ, ਲੋਕਤੰਤਰ ਅਤੇ ਸਮਾਜਿਕ ਏਕਤਾ ‘ਤੇ ਸਿੱਧਾ ਹਮਲਾ ਹੈ।ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਆਪਣੀ ਪੂਰੀ ਜ਼ਿੰਦਗੀ ਸਮਾਜ ਦੇ ਪਿੱਛੜੇ, ਦਬੇ ਕੁਚਲੇ ਅਤੇ ਹਾਸੀਏ ‘ਤੇ ਖੜ੍ਹੇ ਵਰਗਾਂ ਨੂੰ ਇਨਸਾਫ਼ ਦਿਵਾਉਣ ਲਈ ਸਮਰਪਿਤ ਕੀਤੀ। ਉਨ੍ਹਾਂ ਵੱਲੋਂ ਰਚਿਆ ਗਿਆ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ, ਅਜ਼ਾਦੀ ਅਤੇ ਨਿਆਂ ਦੀ ਗਾਰੰਟੀ ਦਿੰਦਾ ਹੈ। ਇਸ ਲਈ ਉਨ੍ਹਾਂ ਦੇ ਬੁੱਤ ਨਾਲ ਕੀਤੀ ਗਈ ਬੇਅਦਬੀ ਅਸਲ ਵਿੱਚ ਉਹਨਾਂ ਉੱਚੇ ਆਦਰਸ਼ਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ ਜਿਨ੍ਹਾਂ ‘ਤੇ ਭਾਰਤ ਦਾ ਲੋਕਤੰਤਰ ਖੜ੍ਹਾ ਹੈ।ਇਸ ਨਿੰਦਣਯੋਗ ਘਟਨਾ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਲੱਖਾ ਸਿੰਘ ਸਾਬਕਾ ਮੈਂਬਰ ਕਮਿਸ਼ਨ ਪੰਜਾਬ ਸਰਕਾਰ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਿਸੇ ਵੀ ਸੱਭਿਆਚਾਰਕ ਅਤੇ ਲੋਕਤੰਤਰਕ ਸਮਾਜ ਲਈ ਘਾਤਕ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਣਬੁੱਝ ਕੇ ਸਮਾਜ ਵਿੱਚ ਤਣਾਅ ਅਤੇ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬ ਦੀ ਸਾਂਝੀਵਾਲੀ ਸੰਸਕ੍ਰਿਤੀ ਅਜਿਹੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਨਾ ਲਿਆਂਦਾ ਗਿਆ ਤਾਂ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ ਅਤੇ ਇਹ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਅਮਨ ਕਾਇਮ ਰੱਖੇ। ਲੱਖਾ ਸਿੰਘ ਸਾਬਕਾ ਮੈਂਬਰ ਕਮਿਸ਼ਨ ਪੰਜਾਬ ਸਰਕਾਰ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਖ਼ਿਲਾਫ਼ ਉਦਾਹਰਨਯੋਗ ਕਾਰਵਾਈ ਕਰੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਨਾਪਾਕ ਹਰਕਤ ਕਰਨ ਦੀ ਹਿੰਮਤ ਨਾ ਕਰੇ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਆਦਰਸ਼ ਸਿਰਫ਼ ਇੱਕ ਵਰਗ ਲਈ ਨਹੀਂ ਸਗੋਂ ਪੂਰੇ ਦੇਸ਼ ਲਈ ਮਾਰਗਦਰਸ਼ਕ ਹਨ। ਅੱਜ ਹਰ ਸਚੇਤ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਅਜਿਹੀਆਂ ਘਟਨਾਵਾਂ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਅਤੇ ਸਮਾਜ ਵਿੱਚ ਭਾਈਚਾਰੇ, ਸਮਾਨਤਾ ਅਤੇ ਨਿਆਂ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ। ਪੰਜਾਬ ਦੀ ਧਰਤੀ ‘ਤੇ ਕਿਸੇ ਵੀ ਮਹਾਨ ਸ਼ਖਸੀਅਤ ਦੀ ਬੇਅਦਬੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਹੀ ਚਾਹੀਦੀ ਹੈ।Related