Skip to content
ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਖਾਨੋਂਕੋਟ ਸਰਦਾਰਵਾਲਾ ਵਿੱਚ ਗੰਦੇ ਪਾਣੀ ਦੀ ਵਰਤੋਂ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਜਾਣ ਅਤੇ 25 ਤੋਂ ਵੱਧ ਲੋਕਾਂ ਦੇ ਗੰਭੀਰ ਰੂਪ ਵਿੱਚ ਬਿਮਾਰ ਹੋਣ ਦੀ ਖ਼ਬਰ ਨੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਮਾਰ ਲੋਕਾਂ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਨਹੀਂ ਹੋਈ, ਪਰ ਸਰਕਾਰੀ ਸਤਰਾਂ ਤੋਂ ਪੁਸ਼ਟੀ ਹੋਣ ਦੀ ਉਡੀਕ ਜਾਰੀ ਹੈ।
ਪਿੰਡ ਵਾਸੀਆਂ ਨੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰੀ ਪਾਈਪਲਾਈਨ ਰਾਹੀਂ ਆਉਣ ਵਾਲਾ ਪਾਣੀ ਗੰਦੇ ਸੀਵਰੇਜ ਨਾਲ ਮਿਲਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ‘ਤੇ ਬੁਰਾ ਅਸਰ ਪਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੋਈ ਨਵੀਂ ਸਮੱਸਿਆ ਨਹੀਂ, ਕਈ ਮਹੀਨਿਆਂ ਤੋਂ ਇਸ ਗੰਦੇ ਪਾਣੀ ਦੀ ਸ਼ਿਕਾਇਤ ਕੀਤੀ ਜਾ ਰਹੀ ਸੀ, ਪਰ ਅਫਸੋਸ ਕਿ ਪ੍ਰਸ਼ਾਸਨ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ।
ਪ੍ਰਸ਼ਾਸਨ ਤੇ ਸਰਕਾਰ ‘ਤੇ ਭੜਕੇ ਪਿੰਡ ਵਾਸੀ
ਇਸ ਮਾਮਲੇ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਤੁਰੰਤ ਕਾਰਵਾਈ ਨਾ ਕੀਤੀ, ਤਾਂ ਉਹ ਸੜਕਾਂ ‘ਤੇ ਉਤਰ ਕੇ ਵੱਡਾ ਰੋਸ ਪਰਗਟ ਕਰਨ ‘ਤੇ ਮਜਬੂਰ ਹੋਣਗੇ। ਦੂਜੇ ਪਾਸੇ, ਸਿਹਤ ਵਿਭਾਗ ਦੀ ਟੀਮ ਨੇ ਪਿੰਡ ਵਿੱਚ ਪਹੁੰਚ ਕੇ ਪਾਣੀ ਦੇ ਨਮੂਨੇ ਲੈ ਲਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਪਾਣੀ ਸਪਲਾਈ ‘ਚ ਆ ਰਹੀ ਖਾਮੀ ਨੂੰ ਠੀਕ ਕੀਤਾ ਜਾਵੇਗਾ।
Related