
Skip to content

ਪਿਤਾ ਡਾ. ਹਰਭਜਨ ਸਿੰਘ ਆਵਲਾ ਦੀ ਯਾਦ ਵਿੱਚ ਰਮਿੰਦਰ ਸਿੰਘ ਆਵਲਾ ਦੇ ਪਰਿਵਾਰ ਵੱਲੋਂ ਲਗਾਇਆ ਗਿਆ ਕੈਂਪ; ਮਾਹਿਰ ਡਾਕਟਰਾਂ ਨੇ ਮੁਫ਼ਤ ਜਾਂਚ, ਟੈਸਟ ਅਤੇ ਦਵਾਈਆਂ ਦੀ ਸਹੂਲਤ ਦਿੱਤੀ
ਜਤਿੰਦਰ ਪਿੰਕਲ, ਫਿਰੋਜ਼ਪੁਰ। ਡਾ. ਐਚ.ਐੱਸ. ਆਵਲਾ ਫਾਊਂਡੇਸ਼ਨ ਵੱਲੋਂ ਗੁਰੂਹਰਸਹਾਏ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਰਮਿੰਦਰ ਸਿੰਘ ਆਵਲਾ ਦੇ ਪਰਿਵਾਰ ਵੱਲੋਂ ਆਪਣੇ ਸਤਿਕਾਰਯੋਗ ਪਿਤਾ ਡਾ. ਹਰਭਜਨ ਸਿੰਘ ਆਵਲਾ ਦੀ ਯਾਦ ਵਿੱਚ ਲਗਾਇਆ ਗਿਆ। ਕੈਂਪ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ।
ਇਸ ਮੈਡੀਕਲ ਕੈਂਪ ਵਿੱਚ ਡੀ.ਐੱਮ.ਸੀ. ਹਸਪਤਾਲ, ਲੁਧਿਆਣਾ ਅਤੇ ਡਾ. ਅਨਿਲ ਬਾਗੀ ਹਸਪਤਾਲ, ਫਿਰੋਜ਼ਪੁਰ ਤੋਂ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਸ਼ਿਰਕਤ ਕੀਤੀ। ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜੀਂਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਗਏ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਜਾਣਕਾਰੀ ਦਿੰਦਿਆਂ ਰਮਿੰਦਰ ਸਿੰਘ ਆਵਲਾ ਨੇ ਦੱਸਿਆ ਕਿ ਇਹ ਕੈਂਪ ਖ਼ਾਸ ਤੌਰ ’ਤੇ ਗੁਰੂਹਰਸਹਾਏ ਅਤੇ ਸਰਹੱਦੀ ਖੇਤਰ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦੀ ਸਿਹਤ ਸਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਵੱਡੇ ਹਸਪਤਾਲਾਂ ਅਤੇ ਮਾਹਿਰ ਡਾਕਟਰਾਂ ਦੀਆਂ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਇਲਾਜ ਲਈ ਫਿਰੋਜ਼ਪੁਰ ਜਾਂ ਲੁਧਿਆਣਾ ਜਾਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਇਸੇ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੂੰ ਇਸ ਕੈਂਪ ਵਿੱਚ ਸੱਦਾ ਦਿੱਤਾ ਗਿਆ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਵਧੀਆ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਅੱਗੇ ਹਸਪਤਾਲ ਵਿੱਚ ਇਲਾਜ ਦੀ ਲੋੜ ਪਵੇਗੀ, ਉਨ੍ਹਾਂ ਨੂੰ ਵੀ ਲੋੜ ਅਨੁਸਾਰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ।
ਡਾ. ਅਨਿਲ ਬਾਗੀ ਹਸਪਤਾਲ ਦੀ ਟੀਮ ਨੇ ਦਿੱਤੀਆਂ ਸਿਹਤ ਸੇਵਾਵਾਂ
ਡਾ. ਅਨਿਲ ਬਾਗੀ ਹਸਪਤਾਲ, ਫਿਰੋਜ਼ਪੁਰ ਦੇ ਮਾਲਕ ਡਾ. ਕਮਲ ਬਾਗੀ ਨੇ ਦੱਸਿਆ ਕਿ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਪਹੁੰਚੀ ਹੈ। ਇੱਥੇ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ।
ਔਰਤਾਂ ਦੀ ਸਿਹਤ ਜਾਂਚ ਅਤੇ ਦਿਲ ਦੇ ਦੌਰੇ ਸਮੇਂ ਮੁੱਢਲੀ ਸਹਾਇਤਾ ਬਾਰੇ ਦਿੱਤੀ ਜਾਵੇਗੀ ਜਾਣਕਾਰੀ
ਡੀ.ਐੱਮ.ਸੀ. ਹਸਪਤਾਲ, ਲੁਧਿਆਣਾ ਤੋਂ ਪਹੁੰਚੀ ਡਾ. ਆਸ਼ਿਮਾ ਨੇ ਦੱਸਿਆ ਕਿ ਉਹ ਵਿਸ਼ੇਸ਼ ਤੌਰ ’ਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਇਸ ਕੈਂਪ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੇ ਨਾਲ ਗਾਇਨੀਕੋਲੋਜੀ ਅਤੇ ਐੱਮ.ਡੀ. ਮੈਡੀਸਨ ਵਿਭਾਗ ਦੇ ਡਾਕਟਰ ਵੀ ਪਹੁੰਚੇ ਹਨ, ਜੋ ਖ਼ਾਸ ਕਰਕੇ ਉਨ੍ਹਾਂ ਔਰਤਾਂ ਦੀ ਜਾਂਚ ਅਤੇ ਇਲਾਜ ਕਰਨਗੇ, ਜਿਹੜੀਆਂ ਦੂਰ ਹੋਣ ਕਾਰਨ ਡੀ.ਐੱਮ.ਸੀ. ਹਸਪਤਾਲ ਨਹੀਂ ਪਹੁੰਚ ਸਕਦੀਆਂ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਨੂੰ ਅੱਗੇ ਲੁਧਿਆਣਾ ਸਥਿਤ ਡੀ.ਐੱਮ.ਸੀ. ਹਸਪਤਾਲ ਵਿੱਚ ਇਲਾਜ ਦੀ ਲੋੜ ਪੈਂਦੀ ਹੈ ਤਾਂ ਉਸ ਦੇ ਢੁੱਕਵੇਂ ਇਲਾਜ ਲਈ ਵੀ ਸਹਿਯੋਗ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਮੈਡੀਸਨ ਵਿਭਾਗ ਦੇ ਡਾਕਟਰਾਂ ਵੱਲੋਂ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਘਰ ਜਾਂ ਮੌਕੇ ’ਤੇ ਮੁੱਢਲੀ ਸਹਾਇਤਾ ਕਿਵੇਂ ਦੇਣੀ ਹੈ, ਇਸ ਬਾਰੇ ਵੀ ਜਾਣਕਾਰੀ ਅਤੇ ਸਿਖਲਾਈ ਦਿੱਤੀ ਜਾਵੇਗੀ।
ਇਸ ਮੈਗਾ ਮੈਡੀਕਲ ਕੈਂਪ ਰਾਹੀਂ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਮਿਲਿਆ। ਆਵਲਾ ਪਰਿਵਾਰ ਵੱਲੋਂ ਆਪਣੇ ਪਿਤਾ ਦੀ ਯਾਦ ਵਿੱਚ ਕੀਤਾ ਗਿਆ ਇਹ ਉਪਰਾਲਾ ਸਰਹੱਦੀ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

Related