ਗੁਰਦੁਆਰਾ ਸਾਹਿਬ ਦਾ ਪ੍ਰਬੰਧ ਤੁਰੰਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਜਾਵੇ: ਸਿਰਸਾ
ਨਵੀਂ ਦਿੱਲੀ : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਮੀਟ ਤੇ ਸ਼ਰਾਬ ਪਰੋਸ ਕੇ ਬੇਅਦਬੀ ਕਰਨ ਦੇ ਮਾਮਲੇ ਨੂੰ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ ਤੇ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਗੁਰਮਰਿਆਦਾ ਦੀ ਪਾਲਣਾ ਹੋ ਸਕੇ।
ਡਾ. ਐਸ. ਜੈਸ਼ੰਕਰ ਨੂੰ ਲਿਖੇ ਪੱਤਰ ਵਿਚ ਸਰਦਾਰ ਸਿਰਸਾ ਨੇ ਉਹਨਾਂ ਨੂੰ ਦੱਸਿਆ ਕਿ ਇਤਿਹਾਸ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਚ ਬੇਅਦਬੀ ਹੋਈ ਹੈ। ਉਹਨਾਂ ਕਿਹਾ ਕਿ ਸਾਹਮਣੇ ਆਈ ਸ਼ਰਮਨਾਕ ਵੀਡੀਓ ਵਿਚ ਵੇਖਿਆ ਜਾ ਰਿਹਾ ਹੈ ਕਿ ਸ਼ਰਾਬ ਤੇ ਮੀਟ ਪਰੋਸਿਆ ਜਾ ਰਿਹਾ ਹੈ ਤੇ ਪਿੱਛੇ ਸੰਗੀਤ ਚਲ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਕਈ ਅਖ਼ਬਾਰਾਂ ਵਿਚ ਆਈਆਂ ਖ਼ਬਰਾਂ ਮੁਤਾਬਕ ਇਸ ਪਾਰਟੀ ਦਾ ਆਯੋਜਨ ਪੀ ਐਮ ਯੂ ਕਰਤਾਰਪੁਰ ਸਾਹਿਬ ਦੇ ਸੀ ਈ ਓ ਸਈਦ ਅਬੂ ਬਕਰ ਕੁਰੈਸ਼ੀ ਨੇ 18 ਨਵੰਬਰ 2023 ਨੂੰ ਦਿੱਤੀ ਸੀ ਜਿਸ ਵਿਚ ਡਿਪਟੀ ਕਮਿਸ਼ਨਰ ਨਾਰੋਵਾਲ, ਜ਼ਿਲ੍ਹਾ ਪੁਲਿਸ ਅਫਸਰ ਨਾਰੋਵਾਲ ਸਮੇਤ 80 ਦੇ ਕਰੀਬ ਲੋਕ ਹਾਜ਼ਰ ਸਨ। ਉਹਨਾਂ ਕਿਹਾ ਕਿ ਇਸ ਘਟਨਾ ਦੇ ਕਾਰਨ ਦੁਨੀਆਂ ਭਰ ਵਿਚ ਸਿੱਖ ਹਿਰਦੇ ਵਲੂੰਧਰੇ ਗਏ ਹਨ।
ਭਾਜਪਾ ਆਗੂ ਨੇ ਹੋਰ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਬੇਅਦਬੀ ਹੋਈ ਹੋਵੇ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿਚ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਉਹਨਾਂ ਕਿਹਾ ਕਿ ਸਾਡੇ ਮਨਾਂ ਨੂੰ ਠੇਸ ਇਸ ਕਰ ਕੇ ਜ਼ਿਆਦਾ ਪਹੁੰਚੀ ਹੈ ਕਿਉਂਕਿ ਪਾਕਿਸਤਾਨ ਸਰਕਾਰ ਨੇ ਅਨੇਕਾਂ ਵਾਰ ਬੇਨਤੀਆਂ ਕਰਨ ’ਤੇ ਵੀ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਨੇ ਪਹਿਲੀ ਵਾਰ ਅਜਿਹੀ ਬੇਅਦਬੀ ਦੀ ਘਟਨਾ ਵਾਪਰਨ ਵੇਲੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੁੰਦੀ ਤਾਂ ਇਹ ਘਟਨਾ ਮੁੜ ਨਹੀਂ ਵਾਪਰਨੀ ਸੀ।
ਉਹਨਾਂ ਕਿਹਾ ਕਿ ਇਹਨਾਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਮੌਜੂਦਾ ਮੈਨੇਜਮੈਂਟ ਹੈ ਜੋ ਇਕ ਗੈਰ ਸਿੱਖ ਦੇ ਹੱਥ ਵਿਚ ਹੈ ਜਿਸਨੂੰ ਸਿੱਖੀ ਤੇ ਸਿੱਖ ਮਰਿਆਦਾ ਦੀ ਕੋਈ ਜਾਣਕਾਰੀ ਨਹੀਂ ਹੈ।
ਉਹਨਾਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਤੁਰੰਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਸਿੱਖ ਰਹਿਤ ਮਰਿਆਦਾ ਮੁਤਾਬਕ ਗੁਰਦੁਅਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖੀ ਜਾ ਸਕੇ।
ਉਹਨਾਂ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹਨਾਂ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਉੱਚ ਪੱਧਰੀ ਸਿੱਖ ਵਫਦ ਇਸ ਮਾਮਲੇ ਵਿਚ ਉਹਨਾਂ ਨੂੰ ਮਿਲਣਾ ਚਾਹੁੰਦਾ ਹੈ ਜਿਸ ਵਾਸਤੇ ਉਹ ਸਮਾਂ ਦੇਣ ਤਾਂ ਜੋ ਸਿੱਖ ਮਸਲੇ ਵਿਚਾਰੇ ਜਾ ਸਕਣ।