30 ਸਤੰਬਰ ਨੂੰ ਜਲੰਧਰ ’ਚ ਹੋਵੇਗੀ ਮਹਾਂਸਭਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ

ਜਲੰਧਰ/ਚੰਡੀਗੜ੍ਹ, 28 ਸਤੰਬਰ (ਨਵੀਨ ਪੁਰੀ)

ਭਾਰਤੀ ਜਨਤਾ ਪਾਰਟੀ ਵੱਲੋਂ 30 ਸਤੰਬਰ ਨੂੰ ਜਲੰਧਰ ਵਿਖੇ ਕਰਵਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਮਹਾਂਸਭਾ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਪਹੁੰਚ ਗਈਆਂ ਹਨ। ਇਸ ਮਹਾਂਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸ਼ਮੂਲੀਅਤ ਕਰਨਗੇ।

ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਪ੍ਰਭਾਰੀ ਤੇ ਰਾਸ਼ਟਰੀ ਮਹਾਮੰਤਰੀ ਸ੍ਰੀ ਸਤੀਸ਼ ਪੂਨੀਆ ਨੇ ਰੈਲੀ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਭਾਜਪਾ ਆਗੂਆਂ ਨੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ, ਆਵਾਜਾਈ, ਪਾਰਕਿੰਗ, ਲੋਕਾਂ ਦੀ ਸਹੂਲਤ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਅਧਿਕਾਰੀਆਂ ਵੱਲੋਂ ਮਹਾਂਸਭਾ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਮਹਾਂਸਭਾ ਸਿਰਫ਼ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਨ-ਜਾਗਰੂਕਤਾ ਦੀ ਇੱਕ ਵੱਡੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਕਾਰਕੁੰਨ ਇਸ ਮਹਾਂਸਭਾ ਨੂੰ ਸਫ਼ਲ ਬਣਾਉਣ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਅਤੇ ਭਾਜਪਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਲੰਧਰ ਦੀ ਧਰਤੀ ਤੋਂ ਨਸ਼ਿਆਂ ਵਿਰੁੱਧ ਉੱਠਣ ਵਾਲੀ ਇਹ ਆਵਾਜ਼ ਪੰਜਾਬ ਦੇ ਹਰ ਕੋਨੇ ਤੱਕ ਪਹੁੰਚੇਗੀ ਅਤੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮਹਾਂਸਭਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਰੂਪ ਦੇਵੇਗੀ।

ਇਸ ਮੌਕੇ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜਨਰਲ ਸਕੱਤਰ ਰਜਨੀਸ਼ ਧੀਮਾਨ, ਸੂਬਾ ਉਪ ਪ੍ਰਧਾਨ ਰਾਕੇਸ਼ ਰਾਠੌਰ, ਮਨੋਰੰਜਨ ਕਾਲੀਆ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।