
Skip to content

ਇੱਕ ਸਾਲ ਤੋਂ ਬੰਦ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਉੱਠੀ ਮੰਗ, ਦਿੱਲੀ ਕਮੇਟੀ ਨੇ PM ਮੋਦੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਕਰੀਬ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐੱਮ.ਸੀ.) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਅਪੀਲ ਕੀਤੀ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਨਾਲ ਦੁਨੀਆ ਭਰ ਦੇ ਸਿੱਖਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਡੂੰਘੀ ਅਧਿਆਤਮਿਕ ਅਤੇ ਭਾਵਨਾਤਮਕ ਸਾਂਝ ਜੁੜੀ ਹੋਈ ਹੈ। ਉਨ੍ਹਾਂ ਯਾਦ ਦਿਵਾਇਆ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇਸੇ ਪਾਵਨ ਅਸਥਾਨ ‘ਤੇ ਬਿਤਾਏ ਸਨ।
ਪੱਤਰ ਵਿੱਚ ਦੱਸਿਆ ਗਿਆ ਕਿ ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ 7 ਮਈ 2025 ਨੂੰ ਕਰਤਾਰਪੁਰ ਲਾਂਘੇ ਰਾਹੀਂ ਹੋਣ ਵਾਲੀ ਰੋਜ਼ਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਨਵੰਬਰ 2025 ਤੋਂ ਜੂਨ 2026 ਦੇ ਵਿਚਕਾਰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਚਾਰ ਵਿਸ਼ੇਸ਼ ਜਥਿਆਂ ਨੂੰ ਆਗਿਆ ਦਿੱਤੀ ਗਈ, ਪਰ ਆਮ ਸੰਗਤ ਲਈ ਲਾਂਘਾ ਅਜੇ ਵੀ ਬੰਦ ਹੈ।
ਦਿੱਲੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਰੇ ਲੋੜੀਂਦੇ ਸੁਰੱਖਿਆ, ਪ੍ਰਸ਼ਾਸਨਿਕ ਅਤੇ ਕੂਟਨੀਤਕ ਪ੍ਰਬੰਧ ਪੂਰੇ ਕਰਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਦੀ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕੇ।

Related