
Skip to content

‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਦਾ DSGMC ਵੱਲੋਂ ਵਿਰੋਧ, ਕਿਹਾ- ਇਤਿਹਾਸਕ ਸੱਚ ਲੋਕਾਂ ਤੱਕ ਪਹੁੰਚਣਾ ਲਾਜ਼ਮੀ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ‘ਤੇ ਰਿਲੀਜ਼ ਤੋਂ ਦੋ ਦਿਨ ਬਾਅਦ ਲਗਾਈ ਗਈ ਪਾਬੰਦੀ ਦੀ ਸਖ਼ਤ ਨਿੰਦਾ ਕੀਤੀ ਹੈ। ਕਮੇਟੀ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਉਣਾ ਬਹੁਤ ਜ਼ਰੂਰੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਫ਼ਿਲਮ ਦਾ ਪਹਿਲਾਂ ਨਾਮ ‘ਪੰਜਾਬ 95’ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ ‘ਸਤਲੁਜ’ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਫ਼ਿਲਮ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋਈ ਤਾਂ ਸੰਗਤ ਵਿੱਚ ਖੁਸ਼ੀ ਸੀ ਕਿ ਇੱਕ ਸੱਚੀ ਘਟਨਾ ‘ਤੇ ਆਧਾਰਿਤ ਫ਼ਿਲਮ ਲੋਕਾਂ ਤੱਕ ਪਹੁੰਚੀ ਹੈ। ਪਰ ਰਿਲੀਜ਼ ਦੇ ਸਿਰਫ਼ ਦੋ ਦਿਨਾਂ ਅੰਦਰ ਇਸ ‘ਤੇ ਪਾਬੰਦੀ ਲਗਾ ਦਿੱਤੇ ਜਾਣ ਨਾਲ ਹਰ ਇਨਸਾਫ਼ਪਸੰਦ ਵਿਅਕਤੀ ਹੈਰਾਨ ਅਤੇ ਦੁਖੀ ਹੈ।
ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿਰਫ਼ ਮਨੋਰੰਜਨ ਲਈ ਨਹੀਂ ਬਣਾਈ ਗਈ, ਸਗੋਂ 1990 ਦੇ ਦਹਾਕੇ ਦੌਰਾਨ ਪੰਜਾਬ ਦੇ ਇੱਕ ਅਹਿਮ ਇਤਿਹਾਸਕ ਪੱਖ ਨੂੰ ਲੋਕਾਂ ਸਾਹਮਣੇ ਰੱਖਣ ਲਈ ਤਿਆਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਮਾਮਲਿਆਂ ਦੇ ਦਸਤਾਵੇਜ਼ੀ ਸਬੂਤ ਇਕੱਠੇ ਕਰਕੇ ਸਾਹਮਣੇ ਲਿਆਂਦੇ ਸਨ, ਜਿਨ੍ਹਾਂ ਵਿੱਚ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਅੰਤਿਮ ਸੰਸਕਾਰ ਕੀਤੇ ਜਾਣ ਦੇ ਦੋਸ਼ ਸਨ। ਇਨ੍ਹਾਂ ਖੁਲਾਸਿਆਂ ਨੇ ਪੂਰੇ ਸਮਾਜ ਨੂੰ ਝੰਝੋੜ ਦਿੱਤਾ ਸੀ।
ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਇਹ ਸਾਰੇ ਤੱਥ ਦਸਤਾਵੇਜ਼ੀ ਸਬੂਤਾਂ ‘ਤੇ ਆਧਾਰਿਤ ਹਨ। ਚਾਰ ਸਾਲਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਇਹ ਫ਼ਿਲਮ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋਈ ਸੀ, ਜਿਸ ਨੂੰ ਦੁਨੀਆ ਭਰ ਦੇ ਲੋਕਾਂ ਨੇ ਦੇਖਿਆ ਅਤੇ ਸਰਾਹਿਆ।
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਫ਼ਿਲਮ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਾ ਸਿਰਫ਼ ਫ਼ਿਲਮ ਪ੍ਰੇਮੀਆਂ, ਸਗੋਂ ਪੂਰੇ ਸਿੱਖ ਭਾਈਚਾਰੇ ਲਈ ਵੀ ਵੱਡਾ ਝਟਕਾ ਹੈ। ਉਨ੍ਹਾਂ ਸਰਕਾਰ ਅਤੇ ਸੰਬੰਧਿਤ ਧਿਰਾਂ ਨੂੰ ਅਪੀਲ ਕੀਤੀ ਕਿ ਫ਼ਿਲਮ ਨੂੰ ਮੁੜ ਉਪਲਬਧ ਕਰਵਾਇਆ ਜਾਵੇ, ਤਾਂ ਜੋ ਨਵੀਂ ਪੀੜ੍ਹੀ ਪੰਜਾਬ ਦੇ ਉਸ ਦੁਖਦਾਈ ਦੌਰ ਅਤੇ ਉਸ ਨਾਲ ਜੁੜੇ ਇਤਿਹਾਸਕ ਤੱਥਾਂ ਤੋਂ ਜਾਣੂ ਹੋ ਸਕੇ।

Related