ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ED ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਈਡੀ ਵੱਲੋਂ ਜ਼ਬਤ ਕੀਤੀ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹੈ। ਇਸ ਦੌਰਾਨ ਈਡੀ ਵਲੋਂ ਕਰੀਬ 3 ਕਰੋੜ ਰੁਪਏ ਜ਼ਬਤ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ।

    ਈਡੀ ਦੇ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਮੁੱਖ ਮੁਲਜ਼ਮ ਜਗਦੀਸ਼ ਸਿੰਘ ਉਰਫ਼ ਭੋਲਾ ਨਾਲ ਜੁੜੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੇ ਹਿੱਸੇ ਵਜੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਤਲਾਸ਼ੀ ਲਈ।

    ਰੋਪੜ ਜ਼ਿਲੇ ਵਿਚ ਕੁੱਲ 13 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਕਿਉਂਕਿ ਪਤਾ ਲੱਗਾ ਕਿ ਉਸ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਨੂੰ ਪਹਿਲਾਂ ਭੋਲਾ ਕੇਸ ਵਿਚ ਈਡੀ ਨੇ ਅਟੈਚ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਅਤੇ ਸ੍ਰੀ ਰਾਮ ਕਰੱਸ਼ਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਹੁਣ ਤੱਕ ਕਰੀਬ 3 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਜਾ ਚੁੱਕੀ ਹੈ।