27 ਅਗਸਤ ਨੂੰ ਸਮੂਹਿਕ ਛੁੱਟੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੌਂਪੇ ਅਡਵਾਂਸ ਨੋਟਿਸ

ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਫ਼ਿਰੋਜ਼ਪੁਰ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਸਬੰਧੀ ਅਡਵਾਂਸ ਨੋਟਿਸ ਸੌਂਪੇ ਗਏ। ਇਹ ਨੋਟਿਸ ਸਾਂਝਾ ਮੁਲਾਜ਼ਮ-ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਝੰਡੇ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਤਹਿਤ ਦਿੱਤੇ ਗਏ ਹਨ।

ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 27 ਅਗਸਤ ਨੂੰ ਸਮੂਹ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਸਕੂਲ ਮੁਖੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਕੂਲਾਂ ਵਿੱਚ ਨਾ ਜਾਣ ਅਤੇ ਸਿੱਧੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ।

ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਵੀ ਕਰਮਚਾਰੀ ਜਾਂ ਸਕੂਲ ਮੁਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਾਂ ਕਿਸੇ ਤਰ੍ਹਾਂ ਦਾ ਦਬਾਅ ਪਾਇਆ ਗਿਆ ਤਾਂ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਸਾਂਝਾ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਕੱਟੇ ਗਏ 37 ਭੱਤੇ ਬਹਾਲ ਕਰਨ, ਪੂਰਾ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਸਬੰਧੀ ਸਾਲ 2022 ਵਿੱਚ ਜਾਰੀ ਨੋਟੀਫਿਕੇਸ਼ਨ ਲਾਗੂ ਕਰਨ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜੀਟੀਯੂ ਤੋਂ ਜਗਸੀਰ ਸਿੰਘ ਗਿੱਲ, ਬੀਐੱਡ ਫਰੰਟ ਤੋਂ ਪਰਮਜੀਤ ਸਿੰਘ ਪੰਮਾ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਤੋਂ ਦੀਪਕ ਕੰਬੋਜ ਅਤੇ ਸ਼ਲਿੰਦਰ ਕੰਬੋਜ, ਈਟੀਯੂ ਤੋਂ ਹਰਜੀਤ ਸਿੰਘ ਸਿੱਧੂ, ਕੰਪਿਊਟਰ ਫੈਕਲਟੀ ਐਸੋਸੀਏਸ਼ਨ ਤੋਂ ਗੁਰਵਿੰਦਰ ਸਿੰਘ ਮਠਾੜੂ ਸਮੇਤ ਸਰਬਜੀਤ ਭਾਵੜਾ, ਹੀਰਾ ਸਿੰਘ ਤੂਤ, ਅਮਿਤ ਸ਼ਰਮਾ, ਗੁਰਵਿੰਦਰ ਸਿੰਘ ਖੋਸਾ, ਅਵਤਾਰ ਸਿੰਘ, ਵਿਨੋਦ ਗੁਪਤਾ, ਪਰਮਜੀਤ ਸਿੰਘ, ਸਵਰਨ ਸਿੰਘ, ਹਰਵਿੰਦਰ ਸਿੰਘ ਕੈਲਾਸ਼, ਸੰਦੀਪ ਕੁਮਾਰ, ਨਿਤਾਸ਼ਾ ਅਤੇ ਕਮਲ ਕੰਬੋਜ ਆਦਿ ਹਾਜ਼ਰ ਸਨ।