
Skip to content

ਪੰਜਾਬ ਨਗਰ ਨਿਗਮ/ਕੌਂਸਲ ਚੋਣਾਂ ‘ਚ ‘ਆਪ’ ਦੀ ਧਮਾਕੇਦਾਰ ਜਿੱਤ, ਕਾਂਗਰਸ ਦੂਜੇ ਤੇ ਅਕਾਲੀ ਦਲ ਤੀਜੇ ਨੰਬਰ ‘ਤੇ
ਚੰਡੀਗੜ੍ਹ:- ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕਰਦਿਆਂ ਵਿਰੋਧੀ ਪਾਰਟੀਆਂ ਦਾ ਸੂਪੜਾ ਸਾਫ਼ ਕਰ ਦਿੱਤਾ ਹੈ। ਸਵੇਰੇ ਕਰੀਬ ਸਾਢੇ 10 ਵਜੇ ਤੱਕ ਸਾਹਮਣੇ ਆਏ ਨਤੀਜਿਆਂ ਮੁਤਾਬਕ ‘ਆਪ’ ਨੇ ਇੱਕਪਾਸੜ ਜਿੱਤ ਦਰਜ ਕਰਕੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ।
ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 151 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਮੁੱਖ ਵਿਰੋਧੀ ਧਿਰ ਕਾਂਗਰਸ 39 ਸੀਟਾਂ ਨਾਲ ਦੂਜੇ ਨੰਬਰ ‘ਤੇ ਰਹੀ, ਜਦਕਿ ਸ਼੍ਰੋਮਣੀ ਅਕਾਲੀ ਦਲ 38 ਸੀਟਾਂ ਜਿੱਤ ਕੇ ਤੀਜੇ ਸਥਾਨ ‘ਤੇ ਪਹੁੰਚ ਗਿਆ।
ਇਸ ਚੋਣ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਪਾਰਟੀ ਸਿਰਫ਼ 4 ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ। ਦੂਜੇ ਪਾਸੇ 46 ਆਜ਼ਾਦ ਉਮੀਦਵਾਰਾਂ ਦੀ ਜਿੱਤ ਨੇ ਵੀ ਸਿਆਸੀ ਗਣਿਤ ਨੂੰ ਦਿਲਚਸਪ ਬਣਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਆਜ਼ਾਦ ਉਮੀਦਵਾਰ ਕਈ ਨਗਰ ਕੌਂਸਲਾਂ ਅਤੇ ਨਿਗਮਾਂ ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਹ ਨਤੀਜੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ‘ਤੇ ਲੋਕਾਂ ਦੀ ਮੋਹਰ ਹਨ, ਜਦਕਿ ਰਵਾਇਤੀ ਪਾਰਟੀਆਂ ਲਈ ਇਹ ਨਤੀਜੇ ਵੱਡੇ ਆਤਮ-ਮੰਥਨ ਦਾ ਸੰਕੇਤ ਮੰਨੇ ਜਾ ਰਹੇ ਹਨ। ਉੱਧਰ ‘ਆਪ’ ਲੀਡਰਸ਼ਿਪ ਨੇ ਇਸ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।
Related