ਆਲ ਇੰਡੀਆ ਪਾਵਰ ਇੰਜੀਨੀਅਰਜ਼ ਫੈਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਦੇ ਪ੍ਰਧਾਨ ਸ਼ੈਲੇਂਦਰ ਦੂਬੇ ਨੇ ਅੱਜ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਹਿਲੀ ਜੂਨ ਤੋਂ 15 ਜੂਨ ਤੱਕ ਪੰਜਾਬ ਵਿਚ ਬਿਜਲੀ ਦੀ ਖਪਤ ਵਿਚ 43 ਫ਼ੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜੋ ਮੰਗ 11309 ਮੈਗਾਵਾਟ ਸੀ ਉਹ ਵਧ ਕੇ 15775 ਮੈਗਾਵਾਟ ਹੋ ਰਹੀ ਹੈ।
ਇਸ ਨਾਲ ਸੂਬੇ ਦੇ ਬਿਜਲੀ ਸਪਲਾਈ ਢਾਂਚੇ ‘ਤੇ ਭਾਰੀ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਕਟਾਈ ਦਾ ਆਖ਼ਰੀ ਪੜਾਅ ਹੋਣ ਕਾਰਨ ਲੋਡ ਹੋਰ ਵਧਣਾ ਤੈਅ ਹੈ ਅਤੇ ਅਜਿਹੀ ਸਥਿਤੀ ਵਿਚ ਬਿਜਲੀ ਸਪਲਾਈ ਦਾ ਬੁਨਿਆਦੀ ਢਾਂਚਾ ਟੁੱਟਣ ਦਾ ਡਰ ਬਣਿਆ ਹੋਇਆ ਹੈ। ਇਸ ਲਈ ਬਿਜਲੀ ਦੀ ਖਪਤ ਘਟਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਫੈਡਰੇਸ਼ਨ ਦੇ ਪ੍ਰਧਾਨ ਨੇ ਸੀ.ਐਮ. ਮਾਨ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਦੇ ਆਖਰੀ ਪੜਾਅ ਦੀ ਤਰੀਕ 25 ਜੂਨ ਤੱਕ ਵਧਾਉਣ ਅਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੀ ਅਪੀਲ ਕੀਤੀ ਗਈ ਹੈ।
ਸਾਰੇ ਵਪਾਰਕ ਅਦਾਰਿਆਂ, ਦੁਕਾਨਾਂ, ਮਾਲਾਂ, ਸ਼ੋਅਰੂਮਾਂ ਆਦਿ ਦੇ ਬੰਦ ਹੋਣ ਦਾ ਸਮਾਂ ਸ਼ਾਮ 7 ਵਜੇ ਨਿਸ਼ਚਿਤ ਕੀਤਾ ਜਾਵੇ, ਮੁਫ਼ਤ ਬਿਜਲੀ ਦੀ ਨੀਤੀ ਦੀ ਸਮੀਖਿਆ ਕੀਤੀ ਜਾਵੇ ਅਤੇ ਅਤਿ ਲੋੜੀਂਦੇ ਕੇਂਦਰੀ ਪੂਲ ਤੋਂ 1000 ਮੈਗਾਵਾਟ ਵਾਧੂ ਬਿਜਲੀ ਮੁਹੱਈਆ ਕਰਵਾਉਣ ਦਾ ਮਾਮਲਾ ਉਠਾਇਆ ਜਾਵੇ।