ਪਾਕਿਸਤਾਨ ਦੇ ਕਰਾਚੀ ਵਿੱਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। 17 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ ਦੋ ਚੀਨੀ ਨਾਗਰਿਕ ਵੀ ਸ਼ਾਮਲ ਹਨ।
ਚੀਨੀ ਦੂਤਘਰ ਨੇ ਦੱਸਿਆ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 11 ਵਜੇ ਵਾਪਰੀ। ਇੱਥੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਧਮਾਕਾ ਸਿੰਧ ਸੂਬੇ ‘ਚ ਇਕ ਪਾਵਰ ਪ੍ਰੋਜੈਕਟ ‘ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਅਤਿਵਾਦੀ ਸਮੂਹ ਬਲੋਚਿਸਤਾਨ ਨੈਸ਼ਨਲ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਸਿੰਧ ਪ੍ਰਾਂਤ ਦੇ ਗ੍ਰਹਿ ਮੰਤਰੀ ਜ਼ਿਆ ਉਲ ਹਸਨ ਲਾਂਜਰ ਨੇ ਸ਼ੱਕ ਜ਼ਾਹਰ ਕੀਤਾ ਕਿ ਧਮਾਕੇ ਲਈ ਆਈਈਡੀ ਦੀ ਵਰਤੋਂ ਕੀਤੀ ਗਈ ਸੀ। ਧਮਾਕੇ ਦੀ ਆਵਾਜ਼ ਸ਼ਹਿਰ ਦੇ ਕਈ ਇਲਾਕਿਆਂ ‘ਚ ਸੁਣਾਈ ਦਿੱਤੀ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਜਿਨਾਹ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਫੁਟੇਜ ਵਿੱਚ ਧੂੰਆਂ ਉੱਡਦਾ ਦਿਖਾਈ ਦੇ ਰਿਹਾ ਹੈ। ਘਟਨਾ ਵਾਲੀ ਥਾਂ ਦੇ ਨੇੜੇ ਅੱਗ ਦੀਆਂ ਵੱਡੀਆਂ ਲਾਟਾਂ ਦਿਖਾਈ ਦੇ ਰਹੀਆਂ ਸਨ। ਉੱਤਰੀ ਨਾਜ਼ਿਮਾਬਾਦ ਅਤੇ ਕਰੀਮਾਬਾਦ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।