ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਦਾ ਮੌਸਮ ਬਦਲ ਗਿਆ ਹੈ। ਵੀਰਵਾਰ ਸਵੇਰੇ ਦਿੱਲੀ-ਐਨਸੀਆਰ ਤੋਂ ਲੈ ਕੇ ਪੰਜਾਬ ਤਕ ਮੀਂਹ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 24 ਘੰਟਿਆਂ ਬਾਅਦ ਫਿਰ ਤੋਂ ਮੀਂਹ ਜਾਰੀ ਰਹੇਗਾ।
ਮੌਸਮ ਵਿਭਾਗ ਨੇ ਕਿਹਾ ਕਿ ਪਿਛਲੇ ਦਿਨੀਂ ਰਾਜਸਥਾਨ, ਹਰਿਆਣਾ ਤੋਂ ਬਿਹਾਰ ਤੱਕ ਸੰਘਣੀ ਧੁੰਦ ਸੀ, ਹੁਣ ਮੀਂਹ ਕਾਰਨ ਧੁੰਦ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਜੇਕਰ ਅਸੀਂ 15 ਤੋਂ 17 ਜਨਵਰੀ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ’ਤੇ ਨਜ਼ਰ ਮਾਰੀਏ ਤਾਂ ਪਹਾੜਾਂ ‘ਤੇ ਭਾਰੀ ਬਰਫ਼ਬਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਅਤੇ ਉੱਤਰ-ਪੂਰਬੀ ਰਾਜਸਥਾਨ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ, ਹਿਮਾਲੀਅਨ ਖੇਤਰਾਂ ਵਿੱਚ ਮੀਂਹ ਦੇ ਨਾਲ-ਨਾਲ ਭਾਰੀ ਬਰਫ਼ਬਾਰੀ ਵੀ ਹੋਵੇਗੀ।
ਮੌਸਮ ਵਿਭਾਗ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਉੱਤਰ ਪ੍ਰਦੇਸ਼, ਦਿੱਲੀ-ਐਨਸੀਆਰ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਰਾਜਸਥਾਨ ਵਿੱਚ ਵੀ ਗੜੇਮਾਰੀ ਦੀਆਂ ਰਿਪੋਰਟਾਂ ਹਨ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਲਈ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।