
Skip to content

ਵਿਆਹ ਸਮਾਗਮ ਦੌਰਾਨ ਪੁਲਿਸ ਨੇ ਲੜਕੀ ਦੇ ਰਿਸ਼ਤੇਦਾਰ ਨੂੰ ਚੁੱਕਿਆ, ਮੌਕੇ ’ਤੇ ਹੋਇਆ ਹਾਈ ਵੋਲਟੇਜ਼ ਡਰਾਮਾ
ਫਰੀਦਕੋਟ (ਅਰਸ਼ਦੀਪ ਸਿੰਘ ਕਾਲੜਾ) : ਪਿੰਡ ਸੰਧਵਾਂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਆਨੰਦ ਕਾਰਜਾਂ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਜਬਰੀ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ ਸਿਵਲ ਕੱਪੜਿਆਂ ਵਿੱਚ ਆਏ ਮੁਲਾਜ਼ਮਾਂ ਨੇ ਉਕਤ ਵਿਅਕਤੀ ਨੂੰ ਟ੍ਰਾਂਸਫਾਰਮਰ ਅਤੇ ਮੋਟਰਾਂ ਦੀ ਚੋਰੀ ਦੇ ਮਾਮਲੇ ਵਿੱਚ ਲੋੜੀਂਦਾ ਦੱਸਦਿਆਂ ਗੱਡੀ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਏ।
ਗ੍ਰਿਫ਼ਤਾਰੀ ਦਾ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਕੀਤਾ ਗਿਆ, ਜਿਸ ਦੌਰਾਨ ਪੁਲਿਸ ਅਤੇ ਪਰਿਵਾਰ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਵਿਰੋਧ ਕਰ ਰਹੇ ਇੱਕ ਵਿਅਕਤੀ ਨੇ ਪੁਲਿਸ ਦੀ ਗੱਡੀ ਅੱਗੇ ਲੇਟ ਕੇ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਘੜੀਸ ਕੇ ਪਾਸੇ ਕੀਤਾ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਹੱਥ ਵਿੱਚ ਪਿਸਟਲ ਵੀ ਨਜ਼ਰ ਆਇਆ।
ਲੜਕੀ ਦੇ ਭਰਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਭੈਣ ਦੇ ਵਿਆਹ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੇ ਪਿਤਾ ਨੂੰ ਜਬਰੀ ਚੁੱਕ ਲਿਆ। ਉਸ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੇ ਪਿਤਾ ਦਾ ਨਾਮ ਚੋਰੀ ਦੇ ਮਾਮਲੇ ਵਿੱਚ ਆਇਆ ਸੀ, ਪਰ ਹੁਣ ਉਨ੍ਹਾਂ ਨੇ ਸਾਰੇ ਮਾੜੇ ਕੰਮ ਛੱਡ ਦਿੱਤੇ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।
ਉਧਰ, ਥਾਣਾ ਗਿੱਦੜਬਾਹਾ ਦੇ ਮੁਖੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਗਰੀਬ ਸਿੰਘ ਉਰਫ਼ ਰਾਜੂ ਖ਼ਿਲਾਫ਼ ਟ੍ਰਾਂਸਫਾਰਮਰ ਅਤੇ ਮੋਟਰਾਂ ਦੀ ਚੋਰੀ ਸਬੰਧੀ ਐੱਫਆਈਆਰ ਦਰਜ ਹੈ। ਉਨ੍ਹਾਂ ਮੁਤਾਬਕ ਇਹ ਇੱਕ ਗਿਰੋਹ ਹੈ ਅਤੇ ਇਸ ਦੇ ਪੰਜ ਮੈਂਬਰ ਪਹਿਲਾਂ ਹੀ ਕਾਬੂ ਕੀਤੇ ਜਾ ਚੁੱਕੇ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੋੜੀਂਦਾ ਵਿਅਕਤੀ ਪਿੰਡ ਸੰਧਵਾਂ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਥਾਣਾ ਮੁਖੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰ ਵਿਅਕਤੀ ਲੜਕੀ ਦਾ ਅਸਲ ਪਿਤਾ ਨਹੀਂ, ਸਗੋਂ ਰਿਸ਼ਤੇਦਾਰ ਹੈ। ਉਨ੍ਹਾਂ ਪਰਿਵਾਰ ਵੱਲੋਂ ਲਗਾਏ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਵੱਲੋਂ ਕਿਸੇ ਨਾਲ ਕੁੱਟਮਾਰ ਨਹੀਂ ਕੀਤੀ ਗਈ, ਬਲਕਿ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨਾਲ ਹੱਥੋਪਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਨੂੰ ਕੋਟਕਪੂਰਾ ਥਾਣੇ ਵਿੱਚ ਰੱਖਿਆ ਗਿਆ ਹੈ।

Related