ਫਰੀਦਕੋਟ,(ਵਿਪਨ ਮਿੱਤਲ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਿਮਲ ਕੁਮਾਰ ਸੇਤੀਆ ਨੇ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ’ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ’ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਗੈਰ ਜ਼ਰੂਰੀ ਆਵਾਜਾਈ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ’ਚ ਰੋਕ ਰਹੇਗੀ। ਹਾਲਾਂਕਿ ਜ਼ਰੂਰੀ ਗਤੀਵਿਧੀਆਂ, ਸਮਾਨ ਦੀ ਢੌਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ। ਇਸੇ ਤਰਾਂ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ।

    ਇਸੇ ਤਰਾਂ ਸਕੂਲ, ਕਾਲਜ, ਯੂਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਅਤੇ ਨਰਸਿੰਗ ਕਾਲਜ ਆਮ ਤਰਾਂ ਚੱਲਣਗੇ। ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ। ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਰਾਸ਼ਟਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀਆਂ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਬਿਨਾਂ ਹੋਰ ਸਭ ਲਈ ਸਪੋਰਟਸ ਕੰਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ, ਦਰਸ਼ਕਾਂ ’ਤੇ ਵੀ ਰੋਕ ਰਹੇਗੀ। ਏ.ਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ। ਸਰਕਾਰੀ ਪ੍ਰਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜੀ ਥਾਂਵਾਂ ’ਤੇ ਪੂਰੀ ਤਰਾਂ ਵੈਕਸੀਨੇਟਡ ਸਟਾਫ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ। ਇਸੇ ਤਰਾਂ ਸਰਕਾਰੀ ਜਾਂ ਪ੍ਰਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ, ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਇਹ ਹੁਕਮ 15 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।