ਅਮਿਤ ਨਖਵਾਲ:  ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਸਵੇਰੇ ਦਿੱਲੀ ਪੁਲਿਸ ਵੱਲੋਂ ਹਸਪਤਾਲ ਲਿਜਾਇਆ ਗਿਆ। ਲੰਬੇ ਸਮੇਂ ਤੋਂ ਚੱਲ ਰਹੀ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ।

ਇਸ ਦੌਰਾਨ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਜੰਤਰ-ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਨੇ ਸੋਨਮ ਵਾਂਗਚੁਕ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੇ ਮੁਤਾਬਕ ਵਾਂਗਚੁਕ ਵੱਲ ਪੱਥਰ ਵੀ ਸੁੱਟਿਆ ਗਿਆ, ਹਾਲਾਂਕਿ ਉਹ ਇਸ ਘਟਨਾ ਵਿੱਚ ਜ਼ਖ਼ਮੀ ਨਹੀਂ ਹੋਏ।

ਸ਼ੁੱਕਰਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਕੀਤੀ ਪੋਸਟ ਵਿੱਚ ਅਭਿਜੀਤ ਦੀਪਕੇ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪੁਲਿਸ ਦੇ ਇੱਕ ਅੰਦਰੂਨੀ ਸੂਤਰ ਤੋਂ ਜਾਣਕਾਰੀ ਮਿਲੀ ਸੀ ਕਿ ਪ੍ਰਦਰਸ਼ਨ ਵਿੱਚ ਵਿਘਨ ਪਾਉਣ ਲਈ ਕੁਝ ਲੋਕਾਂ ਨੂੰ ਭੇਜਿਆ ਜਾ ਸਕਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੋਨਮ ਵਾਂਗਚੁਕ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਸਰਕਾਰ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।

ਦੱਸਣਯੋਗ ਹੈ ਕਿ ਸੋਨਮ ਵਾਂਗਚੁਕ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਮੇਤ ਕਈ ਮੰਗਾਂ ਨੂੰ ਲੈ ਕੇ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਰਿਪੋਰਟਰ: ਅਮਿਤ ਨਖਵਾਲ