
Skip to content

ਫ਼ਤਿਹਾਬਾਦ (ਅਰਸ਼ਦੀਪ ਸਿੰਘ ਕਾਲੜਾ) :- ਹਰਿਆਣਾ ਦੇ ਫ਼ਤਿਹਾਬਾਦ ਜ਼ਿਲ੍ਹੇ ਵਿੱਚ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਇੱਕੋ ਰਾਤ ਵਿੱਚ ਦੋ ਵੱਖ-ਵੱਖ ਸ਼ਰਾਬ ਦੇ ਠੇਕਿਆਂ ‘ਤੇ ਹਥਿਆਰਬੰਦ ਨਕਾਬਪੋਸ਼ ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਵਾਰਦਾਤਾਂ ਰਤੀਆ ਦੇ ਪਿੰਡ ਘਾਸਵਾ ਅਤੇ ਟੋਹਾਣਾ ਦੇ ਪਿੰਡ ਰੂਪੰਵਾਲੀ ਵਿੱਚ ਵਾਪਰੀਆਂ। ਬਦਮਾਸ਼ ਠੇਕਿਆਂ ‘ਤੇ ਪਹੁੰਚਦੇ ਹੀ ਅੰਨ੍ਹੇਵਾਹ ਫਾਇਰਿੰਗ ਕਰਨ ਲੱਗ ਪਏ ਅਤੇ ਉੱਥੇ ਮੌਜੂਦ ਕਰਿੰਦਿਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਾਸਵਾ ਵਿੱਚ ਹੋਏ ਹਮਲੇ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਠੇਕੇ ਦੇ ਗੱਲੇ ਵਿੱਚ ਪਈ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਹੁਣ ਪੁਲਿਸ ਦੇ ਹੱਥ ਲੱਗੀ ਹੈ।
ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵੇਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related