ਘੁਬਾਇਆ ਨੇੜੇ ਹਾਈਵੇਅ ਕਿਨਾਰੇ ਨਹਿਰ ਦੇ ਪੁਲ ਤੋਂ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਜਾਂਚ ‘ਚ ਜੁਟੀ

ਫ਼ਾਜ਼ਿਲਕਾ (ਅਰਸ਼ਦੀਪ ਸਿੰਘ ਕਾਲੜਾ)  :- ਫ਼ਿਰੋਜ਼ਪੁਰ ਹਾਈਵੇਅ ‘ਤੇ ਘੁਬਾਇਆ ਅਤੇ ਭੰਬਾ ਵੱਟੂ ਦੇ ਵਿਚਕਾਰ ਨਹਿਰ ਦੇ ਪੁਲ ਦੀ ਰੇਲਿੰਗ ਨਾਲ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਦੀ ਪਛਾਣ ਬੂਟਾ ਸਿੰਘ ਪੁੱਤਰ ਬਲਵੰਤ ਸਿੰਘ, ਵਾਸੀ ਢਾਣੀ ਅਮੀਰ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਕੁਆਰਾ ਸੀ ਅਤੇ ਵਾਲਪੇਪਰ ਲਗਾਉਣ ਦਾ ਕੰਮ ਕਰਦਾ ਸੀ। ਲਾਸ਼ ਨੂੰ ਗਲੇ ਵਿੱਚ ਕੱਪੜੇ ਦੇ ਫੰਦੇ ਨਾਲ ਪੁਲ ਦੀ ਰੇਲਿੰਗ ਤੋਂ ਲਟਕਦਾ ਦੇਖਿਆ ਗਿਆ।

ਪਿੰਡ ਦੇ ਸਰਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ, ਜਿੱਥੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਦੇ ਮੌਕੇ ‘ਤੇ ਪਹੁੰਚਣ ਤੋਂ ਬਾਅਦ ਮਾਹੌਲ ਗਮਗੀਨ ਹੋ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।

ਪੁਲਿਸ ਚੌਕੀ ਘੁਬਾਇਆ ਦੇ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਲਾਸ਼ ਨੂੰ ਰੇਲਿੰਗ ਤੋਂ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਘਟਨਾ ਸਥਾਨ ‘ਤੇ ਫੋਰੈਂਸਿਕ ਟੀਮ ਵੱਲੋਂ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।