ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਦਿੱਤੇ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਣ ਕਾਰਨ ਜ਼ਿਲ੍ਹੇ ਦੇ ਕਈ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ।

ਫ਼ਿਰੋਜ਼ਪੁਰ, ਜੀਰਾ ਅਤੇ ਗੁਰੂਹਰਸਹਾਏ ਵਿਖੇ ਵੱਖ-ਵੱਖ ਮੁਲਾਜ਼ਮ ਅਤੇ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਰੋਸ ਧਰਨੇ ਦਿੱਤੇ। ਇਸ ਉਪਰੰਤ ਫ਼ਿਰੋਜ਼ਪੁਰ ਕੈਂਟ ਤੋਂ ਬਾਜ਼ਾਰ, ਬਸਤੀ ਟੈਕਾਂ, ਸ਼ਹੀਦ ਊਧਮ ਸਿੰਘ ਚੌਂਕ ਅਤੇ ਗੁਰਦੁਆਰਾ ਸਾਰਾਗੜ੍ਹੀ ਰਾਹੀਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਨ ਦੇ ਦੋਸ਼ ਲਗਾਏ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਕਥਿਤ ਤੌਰ ’ਤੇ ਗਲਤ ਬਿਰਤਾਂਤ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਉਹ ਪੂਰੀ ਤਰ੍ਹਾਂ ਰੱਦ ਕਰਦੇ ਹਨ।

ਆਗੂਆਂ ਮੁਤਾਬਕ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਕੇਂਦਰੀ ਪੈਟਰਨ ’ਤੇ ਆਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਕਰਨਾ, ਨਵੀਂ ਪੈਨਸ਼ਨ ਪ੍ਰਣਾਲੀ ਖ਼ਤਮ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨਾ, ਪੈਂਡਿੰਗ ਮਹਿੰਗਾਈ ਭੱਤਾ ਜਾਰੀ ਕਰਨਾ, ਕੱਟੇ ਗਏ ਵੱਖ-ਵੱਖ ਭੱਤੇ ਬਹਾਲ ਕਰਨਾ ਅਤੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੇ ਬਕਾਇਆ ਲਾਭ ਦੇਣਾ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਸ਼ਾਮਲ ਹਨ।

ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ, ਐਸੋਸੀਏਟ ਟੀਚਰਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਨਿਯਮਾਂ ਤਹਿਤ ਰੈਗੂਲਰ ਕਰਨ ਅਤੇ ਵੱਖ-ਵੱਖ ਅਧਿਆਪਕ ਭਰਤੀਆਂ ਨਾਲ ਸਬੰਧਤ ਟਰਮੀਨੇਸ਼ਨ ਦੇ ਸ਼ੋਅਕਾਜ਼ ਨੋਟਿਸ ਰੱਦ ਕਰਕੇ ਸੇਵਾਵਾਂ ਸੁਰੱਖਿਅਤ ਕਰਨ ਦੀ ਵੀ ਮੰਗ ਕੀਤੀ ਗਈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 27 ਅਗਸਤ ਦੇ ਮਹਾਂਬੰਦ ਨੂੰ ਮਿਲੇ ਹੁੰਗਾਰੇ ਤੋਂ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਇਸ ਮੌਕੇ ਪੰਜਾਬ ਮਨਿਸਟੀਰੀਅਲ ਯੂਨੀਅਨ, ਡੀਟੀਐੱਫ, ਬੀਐੱਡ ਫਰੰਟ ਪੰਜਾਬ, ਐਲੀਮੈਂਟਰੀ ਟੀਚਰ ਯੂਨੀਅਨ, ਗੌਰਮਿੰਟ ਸਕੂਲ ਟੀਚਰ ਯੂਨੀਅਨ, ਪੈਨਸ਼ਨਰ ਫੈਡਰੇਸ਼ਨਾਂ, ਸੀਪੀਐੱਫ ਕਰਮਚਾਰੀ ਯੂਨੀਅਨ, ਬਿਜਲੀ ਬੋਰਡ ਪੈਨਸ਼ਨਰ ਐਸੋਸੀਏਸ਼ਨ, ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ, ਈਟੀਟੀ ਅਧਿਆਪਕ ਯੂਨੀਅਨ, ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ, ਆਸ਼ਾ ਵਰਕਰ ਯੂਨੀਅਨ, ਆਮ ਆਦਮੀ ਕਲੀਨਿਕ ਯੂਨੀਅਨ, ਐਨਆਰਐਚਐਮ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਕੋਆਪ੍ਰੇਟਿਵ ਯੂਨੀਅਨ, ਡਰਾਈਵ ਯੂਨੀਅਨ ਸਮੇਤ ਕਈ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਹਾਜ਼ਰ ਰਹੇ।