Skip to content
ਜਤਿੰਦਰ ਪਿੰਕਲ, ਫਿਰੋਜ਼ਪੁਰ: ਸਰਹੱਦੀ ਖੇਤਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ੱਕੀ ਅਨਸਰਾਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਫਿਰੋਜ਼ਪੁਰ ਪੁਲਿਸ ਅਤੇ ਸੀਆਰਪੀਐਫ (CRPF) ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਸਰਚ ਮੁਹਿੰਮ ਤਹਿਤ ਕਾਸੋ ਆਪਰੇਸ਼ਨ (CASO Operation) ਚਲਾਇਆ ਗਿਆ।
ਇਹ ਕਾਰਵਾਈ ਥਾਣਾ ਸਦਰ ਫਿਰੋਜ਼ਪੁਰ ਅਧੀਨ ਆਉਂਦੀ ਪੁਲਿਸ ਚੌਕੀ ਬਾਰੇ ਕੇ ਦੇ ਇੰਚਾਰਜ ਸੁਖਬੀਰ ਸਿੰਘ ਬਾਠ ਅਤੇ ਸੀਆਰਪੀਐਫ ਦੀ 80ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਸਿੰਘ ਯਾਦਵ ਦੀ ਅਗਵਾਈ ਹੇਠ ਕੀਤੀ ਗਈ। ਇਸ ਸਾਂਝੇ ਆਪਰੇਸ਼ਨ ਵਿੱਚ ਸੀਆਰਪੀਐਫ ਦੇ ਜਵਾਨਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਤਲਾਸ਼ੀ ਮੁਹਿੰਮ ਤਹਿਤ ਸਰਹੱਦੀ ਖੇਤਰ ਦੇ ਪਿੰਡ ਗੱਟੀ ਰਾਜੋ ਕੇ, ਨਿਊ ਗੱਟੀ ਰਾਜੋ ਕੇ, ਝੁੱਗੇ ਹਜ਼ਾਰਾ ਅਤੇ ਭੱਖੜਾ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਸ ਮੌਕੇ ਚੌਕੀ ਇੰਚਾਰਜ ਸੁਖਬੀਰ ਸਿੰਘ ਬਾਠ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਂਝੇ ਆਪਰੇਸ਼ਨਾਂ ਦਾ ਮਕਸਦ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਇਲਾਕੇ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
Related