ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੁਰਾਣੀ ਪੈਨਸ਼ਨ ਸਬੰਧੀ 18 ਨਵੰਬਰ 2022 ਦੇ ਨੋਟੀਫਿਕੇਸ਼ਨ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਇਨ੍ਹਾਂ ਹੁਕਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ’ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਪਿੱਛੇ ਹਟਣ ਦੇ ਦੋਸ਼ ਲਗਾਏ ਹਨ।

ਫਰੰਟ ਦੇ ਆਗੂਆਂ ਅਤਿੰਦਰ ਪਾਲ ਸਿੰਘ ਘੱਗਾ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਅਮਿਤ ਸ਼ਰਮਾ ਅਤੇ ਗੁਰਵਿੰਦਰ ਸਿੰਘ ਖੋਸਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਜਾਰੀ ਕੀਤੇ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਨੂੰ 1972 ਦੇ ਪੈਨਸ਼ਨ ਐਕਟ ਅਨੁਸਾਰ ਲਾਗੂ ਕਰਨ ਦੀ ਬਜਾਏ ਨਵੇਂ ਹੁਕਮਾਂ ਵਿੱਚ ਯੂਪੀਐਸ ਅਤੇ ਹੋਰਨਾਂ ਰਾਜਾਂ ਵੱਲੋਂ ਅਪਣਾਏ ਗਏ ਪੈਨਸ਼ਨ ਮਾਡਲਾਂ ਨੂੰ ਮੁਲਾਜ਼ਮਾਂ ਦੇ ‘ਪਰਿਭਾਸ਼ਤ ਯੋਗਦਾਨ’ ਵਾਲੇ ਚੌਖਟੇ ਅੰਦਰ ਵਿਚਾਰਨ ਦੀ ਗੱਲ ਕੀਤੀ ਗਈ ਹੈ।

ਆਗੂਆਂ ਨੇ ਕਿਹਾ ਕਿ ਫਰੰਟ ਇਨ੍ਹਾਂ ਨਿਰਦੇਸ਼ਾਂ ਨੂੰ ‘ਪਰਿਭਾਸ਼ਤ ਲਾਭਾਂ’ ’ਤੇ ਆਧਾਰਿਤ ਹਕੀਕੀ ਪੁਰਾਣੀ ਪੈਨਸ਼ਨ ਤੋਂ ਸਰਕਾਰ ਵੱਲੋਂ ਕਿਨਾਰਾ ਕਰਨ ਵਜੋਂ ਦੇਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਐੱਨਪੀਐੱਸ ਦੀ ਤਰਜ਼ ’ਤੇ ਆਧਾਰਿਤ ਕਿਸੇ ਵੀ ਪੈਨਸ਼ਨ ਸਕੀਮ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਸਬੰਧੀ ਨਿਯਮ ਤਿਆਰ ਕਰਨ ਲਈ ਬਣਾਈ ਗਈ ਕਮੇਟੀ ਨੂੰ ਵੀ ਹੋਰ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਫਰੰਟ ਆਗੂਆਂ ਦਾ ਦੋਸ਼ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਕਮੇਟੀ ਪੁਰਾਣੀ ਪੈਨਸ਼ਨ ਸਬੰਧੀ ਵਿਧੀ-ਵਿਧਾਨ ਤਿਆਰ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਂ ਵਧਾਉਣ ਨਾਲ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਮਾਮਲਾ ਹੋਰ ਲਟਕਣ ਦੀ ਸੰਭਾਵਨਾ ਹੈ।

ਆਗੂਆਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਡੀਏ ਦੇ ਏਰੀਅਰ, ਪੰਜਾਬ ਪੇ ਸਕੇਲ, ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਟੇ ਭੱਤੇ ਲਾਗੂ ਕਰਨ ਅਤੇ ਕੱਚੇ ਤੇ ਮਾਣਭੱਤਾ ਕਾਮਿਆਂ ਨੂੰ ਪੱਕਾ ਰੁਜ਼ਗਾਰ ਦੇਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਅਜਿਹੇ ਹੁਕਮ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਮੁਲਾਜ਼ਮਾਂ ਵਿੱਚ ਹੋਰ ਰੋਸ ਪੈਦਾ ਹੋ ਰਿਹਾ ਹੈ।

ਇਸ ਮੌਕੇ ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ, ਅਮਿਤ ਕੰਬੋਜ, ਸਵਰਨ ਸਿੰਘ, ਨਰਿੰਦਰ ਜੰਮੂ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮਜੀਤ, ਅਨਿਲ ਧਵਨ, ਗਗਨ ਮਿੱਤਲ, ਜਗਜੀਤ ਸਿੰਘ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਫਰੰਟ ਆਗੂਆਂ ਨੇ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਹੋਣ ਤੱਕ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।