ਸਾਰੇ ਪੰਜਾਬ ਲਈ ਅਸਲਾ ਲਾਇਸੈਂਸ ਦੀ ਮੰਗ ਨੂੰ ਲੈ ਕੇ ਸਰਪੰਚ ਯੂਨੀਅਨ ਦਾ ਧਰਨਾ ਛੇਵੇਂ ਦਿਨ ਵੀ ਜਾਰੀ

ਮੰਗਾਂ ਨਾ ਮੰਨਣ ’ਤੇ 19 ਅਕਤੂਬਰ ਨੂੰ ਵੱਡਾ ਸੰਘਰਸ਼ ਵਿੱਢਣ ਦੀ ਚੇਤਾਵਨੀ

ਜਤਿੰਦਰ ਪਿੰਕਲ, ਫਿਰੋਜ਼ਪੁਰ: ਸਰਪੰਚ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ‘ਸਾਰੇ ਪੰਜਾਬ ਲਈ ਅਸਲਾ ਲਾਇਸੈਂਸ’ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ ਛੇਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਯੂਨੀਅਨ ਦੇ ਆਗੂ ਸਾਰਜ ਸਿੰਘ ਸਰਪੰਚ ਅਤੇ ਉਨ੍ਹਾਂ ਦੀ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਚਿੰਤਾ ਪ੍ਰਗਟਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਜਨ ਸਿੰਘ ਸਰਪੰਚ ਅਤੇ ਸਰਪੰਚ ਯੂਨੀਅਨ ਦੀ ਸਮੁੱਚੀ ਟੀਮ ਨੇ ਦੱਸਿਆ ਕਿ ਇਹ ਧਰਨਾ 12 ਅਕਤੂਬਰ 2026 ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਛੇ ਦਿਨ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੁੱਖ ਮੰਗ ਨਵੇਂ ਅਸਲਾ ਲਾਇਸੈਂਸ ਬਣਾਉਣ ਲਈ ਪੋਰਟਲ ਖੋਲ੍ਹ ਕੇ ਪ੍ਰਕਿਰਿਆ ਮੁੜ ਸ਼ੁਰੂ ਕਰਵਾਉਣਾ ਹੈ।

ਯੂਨੀਅਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਨਵੇਂ ਅਸਲਾ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 19 ਅਕਤੂਬਰ 2026, ਸੋਮਵਾਰ ਨੂੰ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਇਸ ਮੌਕੇ ਸਾਰਜ ਸਿੰਘ ਸਰਪੰਚ ਤੋਂ ਇਲਾਵਾ ਭੁਪਿੰਦਰ ਸਿੰਘ, ਗੁਰਜੰਟ ਸਿੰਘ, ਅੰਗੂਰ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ ਸਰਪੰਚ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਅਸ਼ਵਨੀ ਮੱਕੜ, ਗੈਰੀ ਲੱਖੋਕੇ, ਬਾਬਾ ਜੱਸਾ ਸਿੰਘ ਪ੍ਰਧਾਨ ਵਾਲਮੀਕ ਸਮਾਜ, ਗੁਰਮੀਤ ਸਿੰਘ ਵਕੀਲ, ਗੁਰਪ੍ਰੀਤ ਸਿੰਘ ਸਿੱਧੂਪੁਰ ਯੂਨੀਅਨ, ਵਰਿੰਦਰ ਸਿੰਘ, ਕਸ਼ਮੀਰ ਸਿੰਘ ਸਾਬਕਾ ਸਰਪੰਚ ਸਮੇਤ ਸਰਪੰਚ ਯੂਨੀਅਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।