ਜਤਿੰਦਰ ਪਿੰਕਲ, ਫ਼ਿਰੋਜ਼ਪੁਰ।
ਪੰਜਾਬ ਸਰਕਾਰ ਵੱਲੋਂ 4161 ਮਾਸਟਰ ਕਾਡਰ ਭਰਤੀ ਤਹਿਤ ਨਿਯੁਕਤ ਕੀਤੇ ਗਏ 253 ਅਧਿਆਪਕਾਂ ਨੂੰ ਟਰਮੀਨੇਸ਼ਨ ਆਰਡਰ ਜਾਰੀ ਕਰਨ ਦੇ ਫ਼ੈਸਲੇ ਵਿਰੁੱਧ ਅੱਜ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਵੱਲੋਂ ਸਕੂਲ ਸਮੇਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਟਰਮੀਨੇਸ਼ਨ ਆਰਡਰਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੇ ਫ਼ੈਸਲੇ ਪ੍ਰਤੀ ਆਪਣਾ ਰੋਸ ਪ੍ਰਗਟਾਇਆ। ਅਧਿਆਪਕ ਆਗੂਆਂ ਅਨੁਸਾਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕੀਤੇ ਗਏ।
ਇਸ ਮੌਕੇ ਡੀਟੀਐੱਫ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਪੰਜਾਬ ਦੇ ਸ਼ਲਿੰਦਰ ਕੰਬੋਜ, ਬੀਐੱਡ ਫਰੰਟ ਪੰਜਾਬ ਦੇ ਪਰਮਜੀਤ ਸਿੰਘ ਪੰਮਾ, ਈਟੀਯੂ ਦੇ ਹਰਜੀਤ ਸਿੰਘ ਸਿੱਧੂ, ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਲਖਵਿੰਦਰ ਸਿੰਘ ਸਿਮਕ, ਐੱਸਸੀ/ਬੀਸੀ ਯੂਨੀਅਨ ਦੇ ਹਰਦੀਪ ਸਿੰਘ ਤੂਰ ਅਤੇ 6635 ਈਟੀਟੀ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਸੰਦੀਪ ਕੁਮਾਰ ਸਮੇਤ ਡੀਟੀਐੱਫ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਕਿਹਾ ਕਿ ਸਰਕਾਰ ਵੱਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਗੰਭੀਰ ਮਸਲਾ ਹੈ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਇਨ੍ਹਾਂ ਅਧਿਆਪਕ ਪਰਿਵਾਰਾਂ ਦੀਆਂ ਖ਼ੁਸ਼ੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਧ ਗਈ ਹੈ।
ਇਸ ਮੌਕੇ ਡੀਟੀਐੱਫ ਦੇ ਆਗੂ ਗੁਰਵਿੰਦਰ ਸਿੰਘ ਖੋਸਾ, ਅਮਿਤ ਸ਼ਰਮਾ, ਲਖਵਿੰਦਰ ਸਿੰਘ, ਸਵਰਨ ਸਿੰਘ ਜੋਸਨ, ਵਰਿੰਦਰਪਾਲ ਸਿੰਘ ਖਾਲਸਾ, ਬਿਕਰਮਜੀਤ ਉੱਪਲ, ਸੰਦੀਪ ਕੁਮਾਰ, ਕਿਰਪਾਲ ਸਿੰਘ ਅਤੇ ਬੀਐੱਡ ਫਰੰਟ ਦੇ ਕੁਲਦੀਪ ਸਿੰਘ ਨੇ ਭਰਤੀ ਪ੍ਰਕਿਰਿਆ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਅਗਸਤ 2022 ਵਿੱਚ ਮਾਸਟਰ ਕਾਡਰ ਭਰਤੀ ਦੀ ਪ੍ਰੀਖਿਆ ਹੋਈ ਸੀ। ਦਸੰਬਰ 2022 ਵਿੱਚ ਨਾਈਲੈਟ ਕੰਪਨੀ ਵੱਲੋਂ ਨਤੀਜਾ ਐਲਾਨਿਆ ਗਿਆ, ਜਨਵਰੀ 2023 ਵਿੱਚ ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ ਅਤੇ ਮਈ 2023 ਵਿੱਚ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਤਾਇਨਾਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਉੱਤਰ ਕੁੰਜੀ ਵਿੱਚ ਗਲਤੀਆਂ ਦਾ ਮਾਮਲਾ ਅਦਾਲਤ ਵਿੱਚ ਪਹੁੰਚਣ ਤੋਂ ਬਾਅਦ ਯੂਨੀਵਰਸਿਟੀਆਂ ਦੇ ਵਿਸ਼ਾ ਮਾਹਿਰਾਂ ਰਾਹੀਂ ਸੋਧੀ ਹੋਈ ਉੱਤਰ ਕੁੰਜੀ ਤਿਆਰ ਕਰਵਾਈ ਗਈ ਅਤੇ ਨਵੀਂ ਚੋਣ ਸੂਚੀ ਬਣਾਈ ਗਈ। ਆਗੂਆਂ ਨੇ ਸਵਾਲ ਉਠਾਇਆ ਕਿ ਜੇਕਰ ਭਰਤੀ ਪ੍ਰਕਿਰਿਆ ਵਿੱਚ ਕੋਈ ਗੜਬੜੀ ਹੋਈ ਸੀ ਤਾਂ ਇਸ ਲਈ ਜ਼ਿੰਮੇਵਾਰ ਕੰਪਨੀ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਬਜਾਏ ਸਰਕਾਰੀ ਨਿਯੁਕਤੀ ਪੱਤਰਾਂ ਦੇ ਆਧਾਰ ‘ਤੇ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਕਿਉਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ?
ਇਸ ਦੌਰਾਨ 6635 ਈਟੀਟੀ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਸੰਦੀਪ ਕੁਮਾਰ, ਕੇਤਿਕ ਅਤੇ ਮਨੋਜ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਹੁਕਮ ਭੇਜਣਾ ਸਰਕਾਰ ਦੇ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ 253 ਅਧਿਆਪਕਾਂ ਤੱਕ ਸੀਮਤ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ।
ਅੰਤ ਵਿੱਚ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਤੁਰੰਤ ਵਾਪਸ ਲਏ ਜਾਣ ਅਤੇ ਉਨ੍ਹਾਂ ਦੀ ਨੌਕਰੀ ਤੇ ਸੇਵਾ ਸੁਰੱਖਿਆ ਯਕੀਨੀ ਬਣਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਪ੍ਰਭਾਵਿਤ ਅਧਿਆਪਕਾਂ ਦੇ ਹੱਕ ਵਿੱਚ ਪੰਜਾਬ ਭਰ ਵਿੱਚ ਹੋਰ ਵੀ ਤਿੱਖੇ ਅਤੇ ਵਿਸ਼ਾਲ ਸੰਘਰਸ਼ ਕੀਤੇ ਜਾਣਗੇ।
