ਗੁਰੂ ਨਾਨਕ ਨਗਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਭੋਗ ਪਾਏ

ਫ਼ਿਰੋਜ਼ਪੁਰ, (ਜਤਿੰਦਰ ਪਿੰਕਲ): ਸ਼ਹੀਦਾਂ ਦੇ ਸਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਿਰੋਜ਼ਪੁਰ ਦੇ ਗੁਰੂ ਨਾਨਕ ਨਗਰ ਇਲਾਕੇ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

ਜਾਣਕਾਰੀ ਅਨੁਸਾਰ ਗੁਰੂ ਨਾਨਕ ਨਗਰ ਦੀਆਂ ਬੀਬੀਆਂ ਦੇ ‘ਸੁਖਮਨੀ ਸਾਹਿਬ ਗਰੁੱਪ’ ਵੱਲੋਂ ਪਿਛਲੇ 40 ਦਿਨਾਂ ਤੋਂ ਲਗਾਤਾਰ ਵੱਖ-ਵੱਖ ਘਰਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾ ਰਹੇ ਸਨ। ਇਸ ਧਾਰਮਿਕ ਲੜੀ ਦੀ ਸਮਾਪਤੀ ਅੱਜ ਪੂਰਨ ਸ਼ਰਧਾ ਨਾਲ ਭੋਗ ਪਾ ਕੇ ਕੀਤੀ ਗਈ।

ਸਮਾਗਮ ਦੌਰਾਨ ਵਕਤਾਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸੱਚ, ਧਰਮ ਅਤੇ ਮਾਨਵਤਾ ਦੀ ਰੱਖਿਆ ਲਈ ਅਡੋਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਬੀਬੀਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਭੋਗ ਉਪਰੰਤ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੇ ਅਖੀਰ ਵਿੱਚ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸੰਗਤਾਂ ਅਤੇ ਸ਼ਰਧਾਲੂ ਹਾਜ਼ਰ ਸਨ।