
Skip to content

ਸਿਹਤ ਤੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ‘ਤੇ ਕਿਸਾਨ ਤੇ ਅਧਿਆਪਕ ਜਥੇਬੰਦੀਆਂ ਦਾ ਹਮਲਾ, ਫ਼ਿਰੋਜ਼ਪੁਰ ‘ਚ AAP ਸਰਕਾਰ ਨੂੰ ਘੇਰਿਆ
ਫ਼ਿਰੋਜ਼ਪੁਰ (ਜਤਿੰਦਰ ਪਿੰਕਲ): ਫ਼ਿਰੋਜ਼ਪੁਰ ਵਿੱਚ ਤਿੰਨ ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਉਦਘਾਟਨ ਮੌਕੇ ਸਰਕਾਰ ਵੱਲੋਂ ਮੁਫ਼ਤ ਸਿਹਤ ਸੇਵਾਵਾਂ ਦੇ ਕੀਤੇ ਜਾ ਰਹੇ ਦਾਅਵਿਆਂ ‘ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕਿਸਾਨ-ਸਟੂਡੈਂਟ ਯੂਨੀਅਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਤਿੱਖਾ ਹਮਲਾ ਬੋਲਿਆ ਹੈ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਨੇ ਕਿਹਾ ਕਿ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਆਪਣੇ ਹੀ ਸ਼ਹਿਰ ਦੇ ਸਿਵਲ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਜਾਣ ਤੋਂ ਨਹੀਂ ਬਚਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਸਿਵਲ ਹਸਪਤਾਲ ਵਿੱਚ ਪ੍ਰਾਈਵੇਟ ਹਸਪਤਾਲ ਦੀ ਓਪੀਡੀ ਸ਼ੁਰੂ ਹੋਣ ਦੇ ਬਾਵਜੂਦ ਸਰਕਾਰ ਅਤੇ ਵਿਧਾਇਕ ਨੇ ਚੁੱਪ ਧਾਰ ਲਈ ਹੈ, ਜਿਸ ਨਾਲ ਨਿੱਜੀਕਰਨ ਨੂੰ ਹੌਸਲਾ ਮਿਲ ਰਿਹਾ ਹੈ।
ਕਿਸਾਨ-ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਖ਼ਿਲਾਫ਼ ਸੰਘਰਸ਼ ਕਰ ਰਹੇ ਵਿਦਿਆਰਥੀਆਂ ‘ਤੇ ਕੇਂਦਰ ਸਰਕਾਰ ਵੱਲੋਂ ਜਬਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇੱਕ ਪਾਸੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਥਾਲੀਆਂ ਕੁੱਟਦੀ ਹੈ, ਪਰ ਦੂਜੇ ਪਾਸੇ ਪੰਜਾਬ ਵਿੱਚ ਆਪਣੀ ਹੀ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਦਬਾਉਣ ਲਈ ਲਾਠੀਚਾਰਜ ਅਤੇ ਜਬਰ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਇਸ ਨੂੰ ਆਮ ਆਦਮੀ ਪਾਰਟੀ ਦਾ ਦੋਗਲਾ ਰਵੱਈਆ ਕਰਾਰ ਦਿੱਤਾ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਸਿਰਫ਼ ਪੋਸਟਰਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਧਿਆਪਕਾਂ ਤੋਂ ਵੱਡੇ ਪੱਧਰ ‘ਤੇ ਗੈਰ-ਵਿਦਿਅਕ ਕੰਮ ਕਰਵਾ ਰਹੀ ਹੈ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿੰਗਾਈ ਭੱਤਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਅਦੇ ਪੂਰੇ ਨਹੀਂ ਕੀਤੇ, ਜਦਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਪਿਛਲੇ 16 ਮਹੀਨਿਆਂ ਦੀ ਤਨਖ਼ਾਹ ਵੀ ਜਾਰੀ ਨਹੀਂ ਕੀਤੀ ਗਈ।
ਜਥੇਬੰਦੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀਆਂ ਨੀਤੀਆਂ ਜ਼ਮੀਨੀ ਹਕੀਕਤਾਂ ਤੋਂ ਦੂਰ ਹਨ ਅਤੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਪ੍ਰਚਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ।

Related