
Skip to content

ਫਿਰੋਜ਼ਪੁਰ ‘ਚ ਮੋਟਰ ਚੋਰੀ ਮਾਮਲਾ ਭਖਿਆ, ਅਕਾਲੀ ਦਲ ਨੇ ਸਰਕਾਰ ਤੇ ਪੁਲਿਸ ਨੂੰ ਘੇਰਿਆ
ਫਿਰੋਜ਼ਪੁਰ (ਜਤਿੰਦਰ ਪਿੰਕਲ): ਫਿਰੋਜ਼ਪੁਰ ਦੇ ਦਿਹਾਤੀ ਇਲਾਕਿਆਂ ਵਿੱਚ ਕਿਸਾਨਾਂ ਦੀਆਂ ਮੋਟਰਾਂ ਦੀਆਂ ਲਗਾਤਾਰ ਹੋ ਰਹੀਆਂ ਚੋਰੀਆਂ ਦਾ ਮਾਮਲਾ ਹੁਣ ਗਰਮਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੰਗਾਮੀ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਤਿੱਖੇ ਦੋਸ਼ ਲਗਾਏ ਗਏ।
ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਇਲਾਕੇ ਵਿੱਚ ਕਿਸਾਨਾਂ ਦੀਆਂ ਕੁੱਲ 75 ਮੋਟਰਾਂ ਚੋਰੀ ਹੋ ਚੁੱਕੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਹੁਣ ਤੱਕ ਸਿਰਫ਼ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਖਾਨਾਪੂਰਤੀ ਕੀਤੀ ਹੈ, ਜਦਕਿ ਇੰਨੀ ਵੱਡੀ ਪੱਧਰ ਦੀਆਂ ਚੋਰੀਆਂ ਕਿਸੇ ਇੱਕ ਵਿਅਕਤੀ ਵੱਲੋਂ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਇਸ ਪਿੱਛੇ ਇੱਕ ਸੁਗਠਿਤ ਗਿਰੋਹ ਹੋਣ ਦੀ ਸੰਭਾਵਨਾ ਹੈ।
ਜਿੰਦੂ ਨੇ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਕਿਸਾਨਾਂ ਦੀਆਂ ਮੋਟਰਾਂ, ਕੇਬਲਾਂ ਅਤੇ ਟ੍ਰਾਂਸਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਪੁਲਿਸ ਇਨ੍ਹਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਸਿਰਫ਼ ਤਿੰਨ ਮੋਟਰਾਂ ਦੀ ਬਰਾਮਦਗੀ ਦਿਖਾ ਕੇ ਆਪਣੀ ਕਾਰਵਾਈ ਦਾ ਦਾਅਵਾ ਕਰ ਰਹੀ ਹੈ।
ਅਕਾਲੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਚੇਅਰਮੈਨ ਰਾਜ ਸਿੰਘ ਉਰਫ਼ ਰਾਜੂ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ ਅਤੇ ਉਸ ਨੂੰ ਸਥਾਨਕ ਵਿਧਾਇਕ ਦੀ ਸ਼ਹਿ ਪ੍ਰਾਪਤ ਹੈ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਅਤੇ ਡੂੰਘੀ ਜਾਂਚ ਦੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਇਨਸਾਫ਼ ਨਾ ਮਿਲਿਆ ਅਤੇ ਚੋਰੀਆਂ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਤਿੱਖਾ ਸੰਘਰਸ਼ ਅਤੇ ਵੱਡਾ ਪ੍ਰਦਰਸ਼ਨ ਕਰੇਗੀ।
ਇਸ ਮੌਕੇ ਪਾਰਟੀ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ, ਜੋਗਾ ਸਿੰਘ ਚੇਅਰਮੈਨ, ਰਮਨਦੀਪ ਕੁੱਲਗੜੀ, ਬੂਟਾ ਸਿੰਘ ਭੁੱਲਰ, ਰੇਸ਼ਮ ਸਿੰਘ ਭੁੱਲਰ, ਜਜ਼ਬੀਰ ਸਿੰਘ ਮੁਰਕਵਾਲਾ, ਅਨਮੋਲ ਸਿੰਘ ਭਾਗਰ, ਰਣਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸਮੇਤ ਕਈ ਪਾਰਟੀ ਆਗੂ ਅਤੇ ਪੀੜਤ ਕਿਸਾਨ ਹਾਜ਼ਰ ਸਨ।

Related