
Skip to content

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ
ਫਿਰੋਜ਼ਪੁਰ, ਜਤਿੰਦਰ ਪਿੰਕਲ: ਅੰਤਰਰਾਸ਼ਟਰੀ ਸ਼ਾਂਤੀ ਅਤੇ ਏਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ, ਬਲਾਕ ਘੱਲ ਖੁਰਦ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਇਹ ਸਮਾਗਮ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਸਰਦਾਰ ਓਂਕਾਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀਮਤੀ ਸੁਨੀਤਾ ਰਾਣੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ ਖੁਰਦ ਸ੍ਰੀ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।
ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਅਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ ਦੇ ਵਿਸ਼ਵ ਸ਼ਾਂਤੀ ਦਿਵਸ ਦਾ ਥੀਮ “ਸ਼ਾਂਤੀ ਵਿੱਚ ਨਿਵੇਸ਼ ਕਰੋ—ਹਰ ਕਿਸੇ ਲਈ, ਹਰ ਜਗ੍ਹਾ” ਹੈ।
ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਮਿਲਵਰਤਨ ਨਾਲ ਰਹਿਣ ਦਾ ਸੰਦੇਸ਼ ਦਿੰਦਿਆਂ ਵਾਤਾਵਰਨ ਦੀ ਸੰਭਾਲ, ਪਾਣੀ ਦੀ ਸੰਜਮ ਨਾਲ ਵਰਤੋਂ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਹੋਰ ਪਲਾਸਟਿਕ ਸਮਾਨ ਦੀ ਵਰਤੋਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਵਿਸ਼ਵ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ ਅਤੇ ਪੀਸ ਟ੍ਰੀ (ਸ਼ਾਂਤੀ ਦਰੱਖ਼ਤ) ਤਿਆਰ ਕੀਤਾ ਗਿਆ। ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਚਾਰਟ/ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ।
ਸਮਾਗਮ ਦੇ ਅੰਤ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਪਰਮਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਕੰਚਨ ਬਾਲਾ, ਸੁਖਮੰਦਰ ਸਿੰਘ, ਚਰਨਜੀਤ ਕੌਰ, ਸਰਵਜੀਤ ਕੌਰ ਅਤੇ ਗੁਰਦੇਵ ਕੌਰ ਸਮੇਤ ਸਕੂਲ ਸਟਾਫ਼ ਹਾਜ਼ਰ ਸੀ।

Related