ਸੰਗਰੂਰ (ਗੁਲਜ਼ਾਰ ਮੱਲੀ)- ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਦੇ ਵਿਧਾਇਕ ਤੇ ਆਗੂ ਐਕਸ਼ਨ ਮੋਡ ’ਚ ਹਨ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਅਚਨਚੇਤ ਦਿੜ੍ਹਬਾ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਇਥੇ ਨਾਇਬ ਤਹਿਸੀਲਦਾਰ ਨੂੰ ਡਿਊਟੀ ਤੋਂ ਗੈਰ-ਹਾਜ਼ਰ ਪਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ, ਅਧਿਕਾਰੀਆਂ ਦੀ ਦਫਤਰ ’ਚ ਹਾਜ਼ਰੀ ਯਕੀਨੀ ਬਣਾਈ ਜਾਵੇਗੀ।