ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਵਿਚ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗਣ ਕਾਰਨ ਜਾਨ ਗਵਾਉਣ ਵਾਲੇ ਸੱਤ ਨਵਜੰਮੇ ਬੱਚਿਆਂ ਵਿਚੋਂ ਪੰਜ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿਤੀਆਂ ਗਈਆਂ ਹਨ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ।
ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਦੋ ਹੋਰ ਬੱਚਿਆਂ ਦੀਆਂ ਲਾਸ਼ਾਂ ਅੱਜ ਸੋਮਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿਤੀਆਂ ਜਾਣਗੀਆਂ। ਪੁਲਿਸ ਨੇ ਦਸਿਆ ਕਿ ਦਾਅਵਾ ਕੀਤਾ ਗਿਆ ਹੈ ਕਿ ਅੱਗ ਲੱਗਣ ਤੋਂ ਕੁੱਝ ਘੰਟੇ ਪਹਿਲਾਂ ਇਕ ਨਵਜੰਮੇ ਬੱਚੇ ਦੀ ਮੌਤ ਹੋ ਗਈ ਸੀ ਪਰ ਇਸ ਗੱਲ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੀ ਹੋ ਸਕੇਗੀ।
ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਵਿਚ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗਣ ਕਾਰਨ ਸੱਤ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲ ਦੇ ਲਾਇਸੈਂਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਗੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ।
ਪੁਲਿਸ ਨੇ ਕਿਹਾ ਕਿ ਹਸਪਤਾਲ ਵਿਚ ਕੋਈ ਯੋਗ ਡਾਕਟਰ ਨਹੀਂ ਸੀ ਅਤੇ ਫਾਇਰ ਵਿਭਾਗ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਗਈ ਸੀ। ਪੁਲਿਸ ਨੇ ਹਸਪਤਾਲ ਦੇ ਮਾਲਕ ਡਾਕਟਰ ਨਵੀਨ ਕੀਚੀ ਅਤੇ ਡਾਕਟਰ ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਰਾਤ ਨੂੰ ਘਟਨਾ ਦੇ ਸਮੇਂ ਡਾਕਟਰ ਆਕਾਸ਼ ਡਿਊਟੀ ‘ਤੇ ਸਨ।