Skip to content
ਮਿਠਾਈਆਂ ਵਿੱਚ ਮਿਲਾਵਟ ਰੋਕਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਦੀ ਕੀਤੀ ਮੰਗ
ਫਗਵਾੜਾ, 27 ਅਕਤੂਬਰ (ਪੰਕਜ): ਦੀਵਾਲੀ, ਕਰਵਾਚੌਥ, ਅਹੋਈ ਅਸ਼ਟਮੀ ਅਤੇ ਧਨਤੇਰਸ ਵਰਗੇ ਪ੍ਰਮੁੱਖ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਮਿਲਾਵਟਖੋਰੀ ‘ਤੇ ਰੋਕ ਲਗਾਉਣਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਇਹ ਮੰਗ ਆਲ ਇੰਡੀਆ ਐਂਟੀ-ਕਰੱਪਸ਼ਨ ਫੋਰਮ ਦੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਸਿਹਤ ਵਿਭਾਗ ਤੋਂ ਕੀਤੀ।
ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਮਿਲਾਵਟੀ ਸਾਮਾਨ ਦੀ ਵਿਕਰੀ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਵਰਗੇ ਵੱਡੇ ਤਿਉਹਾਰਾਂ ਦੌਰਾਨ ਮਿਠਾਈਆਂ ਦੀ ਮੰਗ ਕਾਫ਼ੀ ਵਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਮਿਲਾਵਟੀ ਖੋਇਆ, ਘਿਓ ਅਤੇ ਤੇਲ ਦੀ ਵਿਕਰੀ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੁਨਾਫ਼ੇ ਦੀ ਖ਼ਾਤਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮਿਠਾਈ ਵਿਕਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਿਠਾਈਆਂ ਤਿਆਰ ਕਰਨ ਲਈ ਸ਼ੁੱਧ ਦੁੱਧ, ਘਿਓ, ਤੇਲ ਅਤੇ ਖੋਏ ਦੀ ਵਰਤੋਂ ਕਰਨ ਅਤੇ ਗੁਣਵੱਤਾ ਸਬੰਧੀ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ।
ਕੰਗ ਨੇ ਕਿਹਾ ਕਿ ਤਿਉਹਾਰ ਖ਼ੁਸ਼ੀਆਂ ਵੰਡਣ ਦਾ ਮੌਕਾ ਹੁੰਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਕਾਰਨ ਲੋਕਾਂ ਦੀਆਂ ਖ਼ੁਸ਼ੀਆਂ ਸਿਹਤ ਸਬੰਧੀ ਸਮੱਸਿਆਵਾਂ ਵਿੱਚ ਨਹੀਂ ਬਦਲਣੀਆਂ ਚਾਹੀਦੀਆਂ। ਉਨ੍ਹਾਂ ਆਮ ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ, ਪੈਕਿੰਗ, ਮਿਆਦ ਪੁੱਗਣ ਦੀ ਤਾਰੀਖ਼ ਅਤੇ ਨਿਰਮਾਣ ਸਬੰਧੀ ਜਾਣਕਾਰੀ ਦੀ ਜਾਂਚ ਜ਼ਰੂਰ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਸਸਤੇ ਭਾਅ ਦੇ ਲਾਲਚ ਵਿੱਚ ਆ ਕੇ ਆਪਣੀ ਸਿਹਤ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ। ਖ਼ਰੀਦਦਾਰੀ ਲਈ ਭਰੋਸੇਯੋਗ ਦੁਕਾਨਾਂ ਅਤੇ ਸਟੋਰਾਂ ਨੂੰ ਤਰਜੀਹ ਦੇਣ ਦੇ ਨਾਲ-ਨਾਲ ਬਿੱਲ ਵੀ ਜ਼ਰੂਰ ਲੈਣਾ ਚਾਹੀਦਾ ਹੈ, ਤਾਂ ਜੋ ਕਿਸੇ ਵਸਤੂ ਵਿੱਚ ਖ਼ਰਾਬੀ ਪਾਏ ਜਾਣ ਦੀ ਸੂਰਤ ਵਿੱਚ ਸਬੰਧਤ ਵਿਕਰੇਤਾ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।
ਤਸਵੀਰ: ਗੁਰਦੀਪ ਸਿੰਘ ਕੰਗ।
Related