ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਖ਼ਿਲਾਫ਼ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

72 ਘੰਟਿਆਂ ਦਾ ਅਲਟੀਮੇਟਮ, ਮੁਅੱਤਲੀ ਰੱਦ ਕਰਕੇ ਫਿਰੋਜ਼ਪੁਰ ’ਚ ਮੁੜ ਤਾਇਨਾਤੀ ਦੀ ਮੰਗ

ਫਿਰੋਜ਼ਪੁਰ, ਜਤਿੰਦਰ ਪਿੰਕਲ: ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਿਭਾਗ ਵੱਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਸਬੰਧੀ ਸ਼ੁੱਕਰਵਾਰ ਸ਼ਾਮ ਨੂੰ ਸਤਲੁਜ ਪ੍ਰੈਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਪ੍ਰੈਸ, ਵਕੀਲ, ਕਿਸਾਨ, ਅਧਿਆਪਕ, ਦੁਕਾਨਦਾਰ, ਕਾਰੋਬਾਰੀ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਅਭਿਨਵ ਖੋਸਲਾ ਨੇ ਆਪਣੇ ਕਾਰਜਕਾਲ ਦੌਰਾਨ ਕਥਿਤ ਮਿਲਾਵਟਖੋਰੀ ਖ਼ਿਲਾਫ਼ ਕਈ ਕਾਰਵਾਈਆਂ ਕੀਤੀਆਂ। ਜਥੇਬੰਦੀਆਂ ਦੇ ਨੁਮਾਇੰਦਿਆਂ ਅਨੁਸਾਰ ਉਨ੍ਹਾਂ ਵੱਲੋਂ ਵੱਖ-ਵੱਖ ਵੱਡੇ ਅਦਾਰਿਆਂ ਅਤੇ ਖਾਣ-ਪੀਣ ਵਾਲੀਆਂ ਥਾਵਾਂ ਦੀ ਜਾਂਚ ਕਰਕੇ ਸੈਂਪਲ ਲਏ ਗਏ ਅਤੇ ਜਾਂਚ ਲਈ ਭੇਜੇ ਗਏ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੈਂਪਲਾਂ ਦੇ ਫੇਲ੍ਹ ਹੋਣ ਦੀ ਜਾਣਕਾਰੀ ਸਾਹਮਣੇ ਆਈ, ਉਨ੍ਹਾਂ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਅਤੇ ਜੁਰਮਾਨੇ ਕੀਤੇ ਗਏ।

ਗਾਮਾ ਸਿੱਧੂ ਤੇ ਐਡਵੋਕੇਟ ਰੋਹਿਤ ਅਰੌੜਾ ਬਣੇ ਕਨਵੀਨਰ

ਮੀਟਿੰਗ ਵਿੱਚ ਅਭਿਨਵ ਖੋਸਲਾ ਦੀ ਮੁਅੱਤਲੀ ਦੇ ਮਾਮਲੇ ਨੂੰ ਲੈ ਕੇ ਚਲਾਈ ਜਾਣ ਵਾਲੀ ਮੁਹਿੰਮ ਲਈ ਗਾਮਾ ਸਿੱਧੂ ਅਤੇ ਐਡਵੋਕੇਟ ਰੋਹਿਤ ਅਰੌੜਾ ਨੂੰ ਕਨਵੀਨਰ ਐਲਾਨਿਆ ਗਿਆ। ਉਨ੍ਹਾਂ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਅਗਲੀ ਰਣਨੀਤੀ ਤੈਅ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਫਿਰੋਜ਼ਪੁਰ ਦੇ ਸਿਵਲ ਸਰਜਨ ਨੂੰ ਮੰਗਾਂ ਸਬੰਧੀ 72 ਘੰਟਿਆਂ ਦਾ ਮੈਮੋਰੰਡਮ ਦਿੱਤਾ ਜਾਵੇਗਾ। ਇਸ ਵਿੱਚ ਅਭਿਨਵ ਖੋਸਲਾ ਦੀ ਮੁਅੱਤਲੀ ਰੱਦ ਕਰਕੇ ਉਨ੍ਹਾਂ ਨੂੰ ਮੁੜ ਫਿਰੋਜ਼ਪੁਰ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੀਵ ਕਰਨ ਦੀ ਕਾਰਵਾਈ ਰੋਕਣ ਦੀ ਮੰਗ ਵੀ ਰੱਖੀ ਜਾਵੇਗੀ।

ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 72 ਘੰਟਿਆਂ ਦੇ ਅੰਦਰ ਮੰਗਾਂ ’ਤੇ ਕੋਈ ਕਾਰਵਾਈ ਨਾ ਹੋਈ ਤਾਂ ਵੱਖ-ਵੱਖ ਜਥੇਬੰਦੀਆਂ ਦੀ ਮੁੜ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਮਿਲਾਵਟਖੋਰੀ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਵਿੱਚ ਵਿਭਾਗੀ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਫਿਰੋਜ਼ਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।