
Skip to content

ਫ਼ਰੀਦਕੋਟ ਰਿਹਾ ਸਭ ਤੋਂ ਗਰਮ, ਵੱਧ ਤੋਂ ਵੱਧ ਤਾਪਮਾਨ 38.3 ਡਿਗਰੀ ਦਰਜ
ਅਮਿਤ ਨੱਖਵਾਲ/ਪੰਜਾਬ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਗਰਮੀ ਅਤੇ ਹੁੰਮਸ ਦਾ ਰੂਪ ਧਾਰ ਲਿਆ ਹੈ। ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਨਾ ਪੈਣ ਕਰਕੇ ਲੋਕਾਂ ਨੂੰ ਗਰਮ ਅਤੇ ਸਿੱਲ੍ਹ ਭਰੇ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ’ਤੇ ਬੱਦਲ ਛਾਏ ਰਹਿਣ ਦੇ ਨਾਲ ਗਰਜ-ਚਮਕ ਦੀ ਵੀ ਸੰਭਾਵਨਾ ਬਣੀ ਹੋਈ ਹੈ।
ਪੰਜਾਬ ਵਿੱਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਫ਼ਰੀਦਕੋਟ 38.3 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਰਾ 33 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ, ਜਿਸ ਕਾਰਨ ਦਿਨ ਵੇਲੇ ਗਰਮੀ ਅਤੇ ਹੁੰਮਸ ਨੇ ਲੋਕਾਂ ਦੀ ਪਰੇਸ਼ਾਨੀ ਵਧਾਈ।
ਚੰਡੀਗੜ੍ਹ ਵਿੱਚ ਵੀ ਮੌਸਮ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਦੀ ਉਮੀਦ ਹੈ। ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਪਰ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ ਲਗਭਗ 1.9 ਡਿਗਰੀ ਵੱਧ ਰਿਹਾ।
ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਵਿੱਚ ਮੀਂਹ ਦੀ ਗਤੀਵਿਧੀ ਲਗਭਗ ਨਾ ਦੇ ਬਰਾਬਰ ਰਹੀ। ਪਟਿਆਲਾ ਵਿੱਚ ਸਿਰਫ਼ 1 ਮਿਲੀਮੀਟਰ ਮੀਂਹ ਦਰਜ ਹੋਇਆ, ਜਦਕਿ ਕਈ ਹੋਰ ਜ਼ਿਲ੍ਹੇ ਪੂਰੀ ਤਰ੍ਹਾਂ ਖੁਸ਼ਕ ਰਹੇ। ਮੀਂਹ ਦੀ ਕਮੀ ਕਾਰਨ ਹਵਾ ਵਿੱਚ ਨਮੀ ਵਧੀ ਹੈ ਅਤੇ ਲੋਕਾਂ ਨੂੰ ਗਰਮੀ ਦੇ ਨਾਲ ਸਿੱਲ੍ਹ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਧਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਾਰਿਸ਼ ਦਾ ਅਸਰ ਚੰਡੀਗੜ੍ਹ ਦੀ ਸੁਖਨਾ ਝੀਲ ’ਤੇ ਵੀ ਦੇਖਣ ਨੂੰ ਮਿਲਿਆ। ਪਾਣੀ ਦਾ ਪੱਧਰ 1,162.95 ਫੁੱਟ ਤੱਕ ਪਹੁੰਚਣ ਮਗਰੋਂ ਝੀਲ ਦਾ ਇੱਕ ਰੇਡੀਅਲ ਗੇਟ ਖੋਲ੍ਹਣਾ ਪਿਆ। ਇਹ ਇਸ ਮੌਸਮ ਦੌਰਾਨ ਪਹਿਲੀ ਵਾਰ ਹੋਇਆ ਹੈ।
ਫਿਲਹਾਲ ਪੰਜਾਬ ਵਿੱਚ ਲੋਕਾਂ ਨੂੰ ਤਪਦੀ ਗਰਮੀ ਤੋਂ ਵੱਡੀ ਰਾਹਤ ਲਈ ਚੰਗੀ ਬਾਰਿਸ਼ ਦੀ ਉਡੀਕ ਹੈ। ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ, ਉੱਥੇ ਮੌਸਮ ਵਿੱਚ ਕੁਝ ਬਦਲਾਅ ਆਉਣ ਦੀ ਉਮੀਦ ਬਣੀ ਹੋਈ ਹੈ।
ਰਿਪੋਰਟ:- ਅਮਿਤ ਨੱਖਵਾਲ
Related