
Skip to content

ਇੱਕ ਮਹੀਨੇ ਵਿੱਚ ਕਮਿਸ਼ਨ ਬਹਾਲ ਨਾ ਹੋਇਆ ਤਾਂ ਸੰਗਰੂਰ ਵਿਖੇ ਵੱਡੇ ਧਰਨੇ ਦੀ ਚਿਤਾਵਨੀ
ਜਤਿੰਦਰ ਪਿੰਕਲ, ਫਿਰੋਜ਼ਪੁਰ: ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ, ਸਰਪੰਚ ਯੂਨੀਅਨ ਪੰਜਾਬ ਅਤੇ ਪੰਜਾਬ ਦੀਆਂ ਸਮੂਹ ਜਨਰਲ ਜਾਤੀ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਜਨਰਲ ਜਾਤੀ ਕਮਿਸ਼ਨ ਦੀ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ 14 ਸਤੰਬਰ 2026 ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਇਹ ਮੀਟਿੰਗ ਪੰਜਾਬ ਸਰਕਾਰ ਦੇ ਸੱਦੇ ’ਤੇ ਹੋਈ।
ਜ਼ਿਕਰਯੋਗ ਹੈ ਕਿ ਵੱਖ-ਵੱਖ ਜਨਰਲ ਕੈਟਾਗਰੀ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਜਨਰਲ ਜਾਤੀ ਕਮਿਸ਼ਨ ਦੀ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ 15 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਵੱਡੇ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ।
ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਬੁਲਾ ਕੇ ਪੰਜਾਬ ਰਾਜ ਜਨਰਲ ਜਾਤੀ ਕਮਿਸ਼ਨ ਦੀ ਬਹਾਲੀ, ਇਸ ਦੇ ਚੇਅਰਮੈਨ ਅਤੇ ਫੰਕਸ਼ਨ ਬਾਡੀ ਦੀ ਨਿਯੁਕਤੀ ਸਬੰਧੀ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਸਬੰਧੀ ਨੋਟੀਫਿਕੇਸ਼ਨ ਤਿਆਰ ਕਰਕੇ ਮੁੱਖ ਮੰਤਰੀ ਨੂੰ ਭੇਜਣ ਲਈ ਵੀ ਕਿਹਾ।
ਵਿੱਤ ਮੰਤਰੀ ਨੇ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਵਾਜਬ ਹੈ ਅਤੇ ਪੰਜਾਬ ਰਾਜ ਜਨਰਲ ਜਾਤੀ ਕਮਿਸ਼ਨ ਦਾ ਚੇਅਰਮੈਨ ਜਲਦੀ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਜਨਰਲ ਸ਼੍ਰੇਣੀਆਂ ਨਾਲ ਸਬੰਧਤ ਲੋਕ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਕਮਿਸ਼ਨ ਦੇ ਚੇਅਰਮੈਨ ਦੇ ਸਾਹਮਣੇ ਰੱਖ ਸਕਣਗੇ।
ਇਸ ਮੌਕੇ ਜਥੇਬੰਦੀਆਂ ਵੱਲੋਂ ਵਿੱਤ ਮੰਤਰੀ ਨੂੰ ਸਪੱਸ਼ਟ ਕੀਤਾ ਗਿਆ ਕਿ ਜੇਕਰ ਇੱਕ ਮਹੀਨੇ ਦੇ ਅੰਦਰ ਪੰਜਾਬ ਸਰਕਾਰ ਵੱਲੋਂ ਜਨਰਲ ਜਾਤੀ ਕਮਿਸ਼ਨ ਨੂੰ ਮੁੜ ਬਹਾਲ ਕਰਕੇ ਚੇਅਰਮੈਨ ਅਤੇ ਫੰਕਸ਼ਨ ਬਾਡੀ ਦੀ ਨਿਯੁਕਤੀ ਨਾ ਕੀਤੀ ਗਈ ਤਾਂ ਇੱਕ ਮਹੀਨੇ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਵੱਡੇ ਪੱਧਰ ’ਤੇ ਪੱਕਾ ਧਰਨਾ ਲਗਾਇਆ ਜਾਵੇਗਾ।
ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਜਿਹੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ ਅਤੇ ਜਲਦੀ ਹੀ ਜਨਰਲ ਸ਼੍ਰੇਣੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਰਾਜ ਜਨਰਲ ਜਾਤੀ ਕਮਿਸ਼ਨ ਨੂੰ ਮੁੜ ਬਹਾਲ ਕਰਕੇ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਜਾਵੇਗਾ।
ਇਸ ਮੌਕੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ ਕੌਮੀ ਸੇਵਾਦਾਰ ਸਿਮਰਜੀਤ ਸਿੰਘ ਸੰਧੂ, ਸਰਪੰਚ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਸਰਜ ਸਿੰਘ ਸੰਧੂ, ਜਨਰਲ ਕੈਟਾਗਰੀ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਦੁਆਬਾ ਜਨਰਲ ਕੈਟਾਗਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਵੀਰ ਸਿੰਘ ਫਗਲਾਣਾ, ਪੰਜਾਬ ਅਧਿਆਪਕ ਜਨਰਲ ਕੈਟਾਗਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਵੀਨ ਸ਼ਰਮਾ, ਰਿਟਾਇਰਡ ਜੁਆਇੰਟ ਸਕੱਤਰ ਸੈਕਟਰੀਏਟ ਪੰਜਾਬ ਸ਼ਾਮ ਲਾਲ ਸ਼ਰਮਾ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਵਿੱਤ ਸਕੱਤਰ ਹਰਗੁਰਮੀਤ ਸਿੰਘ ਸਮੇਤ ਹੋਰ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Related