ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ
ਜਲੰਧਰ(ਵਿੱਕੀ ਸੂਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ 22 ਦਸੰਬਰ ਦਿਨ ਵੀਰਵਾਰ ਨੂੰ ਤਹਿਸੀਲ ਕੰਪਲੈਕਸ ਨਕੋਦਰ ਵਿਖੇ ਸਵੇਰੇ 11 ਵਜੇ ਤੋਂ ਇਕ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ਿਰਕਤ ਕਰਦਿਆਂ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ।
ਇਸ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਰਣਦੀਪ ਸਿੰਘ ਹੀਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਮੌਕੇ ’ਤੇ ਪ੍ਰਾਪਤ ਸ਼ਿਕਾਇਤਾਂ ਜਾਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਨੂੰ ਸੌਂਪਿਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਨਿਪਟਾਰਾ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਇਲਾਵਾ ਕੈਂਪ ਦੌਰਾਨ ਮਗਨਰੇਗਾ ਤਹਿਤ ਜਾਬ ਕਾਰਡ ਅਤੇ ਅੰਗਹੀਣਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ ਮੌਕੇ ’ਤੇ ਪੈਨਸ਼ਨ ਫਾਰਮ ਵੀ ਭਰੇ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਲੋਕ ਆਪਣੇ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ਵੀ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਜਾਇਦਾਦਾਂ ਦੇ ਇੰਤਕਾਲ ਕੇਸਾਂ ਦਾ ਵੀ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ।
ਰਣਦੀਪ ਸਿੰਘ ਹੀਰ ਨੇ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਸ਼ਿਕਾਇਤ ਨਿਵਾਰਣ ਕੈਂਪ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਲਾਭਪਾਤਰੀ ਕੈਂਪ ਵਿੱਚ ਲੋੜੀਂਦੇ ਦਸਤਾਵੇਜ਼ ਅਤੇ ਪਟਵਾਰੀਆਂ ਦੀਆਂ ਫੀਲਡ ਰਿਪੋਰਟਾਂ ਨਾਲ ਲੈ ਕੇ ਆਉਣ।